ਮੁੱਖ ਮੰਤਰੀ ਵੱਲੋਂ ਲੋਕ ਗਾਇਕ ਦੇ ਹਸਪਤਾਲ ਵੱਲ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਕਰਨ ਦੇ ਹੁਕਮ

ਨਿਊਜ਼ ਪੰਜਾਬ 
ਚੰਡੀਗੜ੍ਹ, 24 ਫਰਵਰੀ
ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਰਹੂਮ ਗਾਇਕ ਦੇ ਪਰਿਵਾਰ ਕੋਲ ਹਸਪਤਾਲ ਦਾ ਬਕਾਇਆ ਦੇਣ ਲਈ ਕੋਈ ਪੈਸਾ ਨਹੀਂ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਦਾ ਨਿਪਟਾਰਾ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਇਹ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਕਿ ਬਕਾਇਆ ਅਦਾ ਨਾ ਕਰਨ ਦੀ ਸੂਰਤ ਵਿੱਚ ਸਰਦੂਲ ਸਿਕੰਦਰ ਦੀ ਦੇਹ ਪਰਿਵਾਰ ਨੂੰ ਸੌਂਪੇ ਜਾਣ ‘ਚ ਪ੍ਰਾਈਵੇਟ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਇਕ ਸ਼ੋਕ ਸੰਦੇਸ਼ ਵਿੱਚ ਮੰਤਰੀ ਮੰਡਲ ਨੇ ਇਸ ਪੱਖ ਨੂੰ ਅੰਕਿਤ ਕੀਤਾ ਕਿ ਸਰਦੂਲ ਸਿੰਕਦਰ ਦੇ ਵਿਛੋੜੇ ਨਾਲ ਮੁਲਕ ਨੇ ਨਾਮਵਰ ਪੰਜਾਬੀ ਗਾਇਕਾਂ ਵਿੱਚੋਂ ਇਕ ਅਨਮੋਲ ਹੀਰਾ ਗੁਆ ਲਿਆ। ਉਨ੍ਹਾਂ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ ਨੂੰ ਪੂਰਨਾ ਨਾ-ਮੁਮਕਿਨ ਹੈ।