ਭਾਰਤ ਭੂਸ਼ਣ ਆਸ਼ੂ, ਮੇਅਰ ਅਤੇ ਐਲ.ਆਈ.ਟੀ. ਦੇ ਚੇਅਰਮੈਨ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਨਾਲ ਵਿਕਾਸ ਕਾਰਜ਼ਾਂ ਸੰਬੰਧੀ ਮੁੱਦਿਆਂ ‘ਤੇ ਚਰਚਾ

ਨਿਊਜ਼ ਪੰਜਾਬ 

ਲੁਧਿਆਣਾ, 24 ਫਰਵਰੀ  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਇੱਕ ਵਫ਼ਦ ਜਿਸ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਅਤੇ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ ਸਨ, ਵੱਲੋਂ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨਾਲ ਚੰਡੀਗੜ੍ਹ ਵਿਖੇ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਫਦ ਵੱਲੋਂ ਲੁਧਿਆਣਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨਾਲ ਜੁੜੇ ਕਈ ਮੁੱਦਿਆਂ ਬਾਰੇ ਜਾਣੂੰ ਕਰਵਾਇਆ।

ਆਗੂਆਂ ਵੱਲੋਂ ਲੋਕਲ ਬਾਡੀਜ਼ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਸ਼ਹਿਰੀ ਖੇਤਰਾਂ ਵਿੱਚ ਵਸਦੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਵਿਭਾਗ ਨੂੰ ਵਨ ਟਾਈਮ ਸੈਟਲਮੈਂਟ (ਓ.ਟੀ.ਐਸ) ਯੋਜਨਾ ਤੁਰੰਤ ਲਾਗੂ ਕਰਨੀ ਚਾਹੀਦੀ ਹੈ।

ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਲੁਧਿਆਣਾ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਨਾਲ ਜੁੜੇ ਕਈ ਮੁੱਦਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਇਨ੍ਹਾਂ ਮੁੱਦਿਆਂ ਤੋਂ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪਹਿਲ ਦੇ ਅਧਾਰ ‘ਤੇ ਇਨ੍ਹਾਂ ਨੂੰ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਜ਼ਾਰਾਂ ਕਰੋੜ ਦੇ ਪ੍ਰਾਜੈਕਟਾਂ ‘ਤੇ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਆਗੂਆਂ ਨੇ ਕੈਬਨਿਟ ਮੰਤਰੀ ਨੂੰ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੁੰਝਾ ਫੇਰ ਜਿੱਤ ਲਈ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਪੱਖੀ ਏਜੰਡੇ ਦੀ ਗਵਾਹ ਹੈ।

ਅੱਜ ਦੀ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਏ.ਕੇ. ਸਿਨਹਾ, ਸਥਾਨਕ ਸਰਕਾਰਾਂ ਡਾਇਰੈਕਟਰ ਸ੍ਰੀ ਪੁਨੀਤ ਗੋਇਲ, ਪੰਜਾਬ ਨਿਗਮ ਬੁਨਿਆਦੀ ਢਾਂਚਾ ਵਿਕਾਸ ਕੰਪਨੀ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।