ਵੱਧ ਰਹੇ ਕੋਵਿਡ ਕੇਸਾਂ ਨੂੰ ਠੱਲ ਪਾਉਣ ਲਈ ਰੋਜ਼ਾਨਾ ਕੀਤੇ ਜਾਣ 4500 ਆਰ.ਟੀ-ਪੀ.ਸੀ.ਆਰ. ਟੈਸਟ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਨਿਊਜ਼ ਪੰਜਾਬ 

ਲੁਧਿਆਣਾ, 25 ਫਰਵਰੀ  ਪ੍ਰਭਾਵਸ਼ਾਲੀ ਕੋਰੋਨਾ ਟੈਸਟਿੰਗ ਨੂੰ ਯਕੀਨੀ ਬਣਾ ਕੇ ਕੋਵਿਡ-19 ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਟੀਮਾਂ ਦਾ ਪੁਨਰਗਠਨ ਕਰਕੇ ਜ਼ਿਲ੍ਹੇ ਵਿੱਚ ਰੋਜ਼ਾਨਾ 4500 ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰ.ਟੀ.ਪੀ.ਸੀ.ਆਰ) ਟੈਸਟ ਕੀਤੇ ਜਾਣ ਤਾਂ ਜੋ ਕੋਰੋਨਾ ਦੀ ਚੇਨ ਨੂੰ ਤੋੜਿਆ ਜਾ ਸਕੇ।
ਪੁਲਿਸ, ਸਿਵਲ ਅਤੇ ਸਿਹਤ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੋਜ਼ਟਿਵ ਕੇਸਾਂ ਵਿਚ ਥੋੜਾ ਜਿਹਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਆਰ.ਟੀ-ਪੀ.ਸੀ.ਆਰ. ਟੈਸਟ ਰਾਹੀਂ ਲੋਕਾਂ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਸਿਹਤ ਵਿਭਾਗ ਨੂੰ ਸਪੱਸ਼ਟ ਤੌਰ ‘ਤੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 4500 ਆਰ.ਟੀ-ਪੀ.ਸੀ.ਆਰ. ਟੈਸਟ ਕੀਤੇ ਜਾਣ ਤਾਂ ਜੋ ਕੋਵਿਡ ਦੇ ਸਹੀ ਸੰਭਾਵਿਤ ਮਾਮਲਿਆਂ ਦੀ ਪਛਾਣ ਕਰਕੇ ਵਾਇਰਸ ਦੀ ਫੈਲਾਅ ਚੇਨ ਨੂੰ ਤੋੜਨ ਵਿੱਚ ਸਹਾਈ ਸਿੱਧ ਹੋਣਗੇ।
ਉਨ੍ਹਾਂ ਕਿਹਾ ਕਿ ਸੈਂਪਲਿੰਗ ਲਾਜ਼ਮੀ ਤੌਰ ਤੇ ਜੰਗੀ ਪੱਧਰ ‘ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ ਵਿਚ ਜਲਦ ਤੋਂ ਜਲਦ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦਾ ਮੁਕਾਬਲਾ ਕਰਨ ਲਈ ਹਰ ਪੱਖੋਂ ਤਿਆਰ ਹੈ ਅਤੇ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ, ਜੋ ਆਪਣੇ ਆਪ ਨੂੰ ਘਰ ਤੱਕ ਸੀਮਤ ਰੱਖ ਕੇ ਆਪਣਾ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਦੇ ਬਿਹਤਰ ਪ੍ਰਬੰਧਨ ਲਈ ਕੰਟਰੋਲ ਰੂਮ ਅਤੇ ਹੋਮ ਆਈਸੋਲੇਸ਼ਨ ਸੈਂਲ ਮੁੜ ਚਾਲੂ ਕੀਤੇ ਜਾਣ।
ਮੀਟਿੰਗ ਦੌਰਾਨ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਪਹਿਲਾਂ ਹੀ ਉਨ੍ਹਾਂ ਲੋਕਾਂ ਦੇ ਚਲਾਨ ਕੱਟਣੇ ਆਰੰਭ ਕਰ ਦਿੱਤੇ ਹਨ ਜਿਹੜੇ ਮਾਸਕ ਦੀ ਵਰਤੋਂ ਨਹੀਂ ਕਰਦੇ ਅਤੇ ਪਹਿਲੀ ਮਾਰਚ ਤੋਂ ਇਕੱਠ ਸਬੰਧੀ ਪਾਬੰਦੀਆਂ ਨੂੰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਲੋਕਾਂ ਵਿਚ ਮਾਸਕ ਵੀ ਵੰਡ ਰਹੀ ਹੈ।
ਇਸ ਵਰਚੂਅਲ ਮੀਟਿੰਗ ਵਿੱਚ ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ.ਚਰਨਜੀਤ ਸਿੰਘ ਸੋਹਲ, ਐਸ.ਐਸ.ਪੀ. ਖੰਨਾ ਸ.ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ ਤੋਂ ਇਲਾਵਾ ਹੋਰ ਵੀ ਸ਼ਾਮਲ ਹੋਏ।