ਸਾਰੇ ਸਬੰਧਤ ਵਿਭਾਗਾਂ ਨੂੰ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਈ-ਕਾਰਡ ਜਨਰੇਸ਼ਨ ਲਈ ਰੋਜ਼ਾਨਾ ਨਿਰਧਾਰਿਤ ਟੀਚੇ ਪੂਰੇ ਕਰਨ ਦੇ ਆਦੇਸ਼ -ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 05 ਮਾਰਚ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਿਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੰਦੀਪ ਕੁਮਾਰ, ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸਕੱਤਰ ਸਿੰਘ ਬੱਲ ਵੀ ਮੋਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਜ਼ਿਲ੍ਹੇ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਈ-ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੇ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਰੋਜ਼ਾਨਾ ਨਿਰਧਾਰਤ ਕੀਤੇ ਟੀਚੇ ਪੂਰੇ ਕਰਨ ਲਈ ਕਿਹਾ ਤਾਂ ਜ਼ੋ ਸੂਬਾ ਸਰਕਾਰ ਵੱਲੋਂ ਚਲਾਈ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਤਹਿਤ ਲਾਭ ਪਹੁੰਚਾਇਆ ਜਾਵੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਕੱਲ੍ਹ ਸ਼ਨੀਵਾਰ ਅਤੇ ਐਤਵਾਰ (ਮਿਤੀ 06 ਅਤੇ 07 ਮਾਰਚ, 2021) ਨੂੰ ਵੀ ਖੁੱਲ੍ਹੇ ਰਹਿਣਗੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਭਪਾਤਰੀਆਂ, ਵਸਨੀਕਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਸਾਰੇ ਭਾਗੀਦਾਰਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਵਧਾਉਣ ਲਈ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਈ-ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਕਿਸਾਨਾਂ ਨੂੰ ਪੰਜਾਬ ਮੰਡੀ ਬੋਰਡ ਨੇ ਜੇ-ਫਾਰਮ ਜਾਰੀ ਕੀਤੇ ਹਨ, ਆਬਕਾਰੀ ਅਤੇ ਕਰ ਵਿਭਾਗ ਕੋਲ ਰਜਿਸਟਰਡ ਵਪਾਰੀ ਅਤੇ ਉਸਾਰੀ ਕਰਮਚਾਰੀ ਭਲਾਈ ਬੋਰਡ ਕੋਲ ਰਜਿਸਟਰਡ ਉਸਾਰੀ ਕਾਮੇ ਅਤੇ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਜਾਂ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰ ਯੋਗ ਹਨ।