ਡੀ.ਸੀ. ਅਤੇ ਸੀ.ਪੀ. ਵੱਲੋਂ ਐਨ.ਜੀ.ਓਜ ਨੂੰ ਕੋਵਿਡ ਵਿਰੁੱਧ ਜੰਗ ਲਈ ਸਹਿਯੋਗ ਦੀ ਅਪੀਲ
ਨਿਊਜ਼ ਪੰਜਾਬ
ਲੁਧਿਆਣਾ, 10 ਮਾਰਚ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਵੱਲੋਂ ਅੱਜ ਗੈਰ ਸਰਕਾਰੀ ਸੰਗਠਨਾਂ ਨੂੰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ।
ਸਥਾਨਕ ਬਚਤ ਭਵਨ ਵਿਖੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਕੋਵਿਡ ਹਾਲੇ ਖ਼ਤਮ ਨਹੀਂ ਹੋਇਆ ਹੈ ਅਤੇ ਲੋਕਾਂ ਨੂੰ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਵੱਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ ਜਿਸ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਰੱਖਣਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਪੋਜ਼ਟਿਵ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਿਆ ਜਾ ਰਿਹਾ ਹੈ ਕਿਉਂਕਿ ਲੋਕ ਸਾਵਧਾਨੀਆਂ ਵਰਤਣ ਦੀ ਬਜਾਏ ਉਨ੍ਹਾਂ ਦੀ ਉਲੰਘਣਾ ਕਰ ਰਹੇ ਹਨ ਜਿਨ੍ਹਾਂ ਵਿਰੁੱਧ ਚਲਾਨ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਐਨ.ਜੀ.ਓ ਦੇ ਵਾਲੰਟੀਅਰ ਹਜ਼ਾਰਾਂ ਲੋਕਾਂ ਨਾਲ ਜ਼ਮੀਨੀ ਪੱਧਰ ‘ਤੇ ਜੁੜੇ ਹੋਏ ਹਨ ਅਤੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਨਾਲ ਰਾਬਤਾ ਰੱਖਣ ਵਾਲੇ ਹਰੇਕ ਵਸਨੀਕ ਨੂੰ ਮਾਸਕ ਪਹਿਨਣ ਅਤੇ ਸਰੀਰਕ ਦੂਰੀਆਂ ਸਮੇਤ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ, ਜੋਕਿ ਕੋਵਿਡ ਚੇਨ ਤੋੜਨ ਵਿੱਚ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਦੱਸਿਆ ਕਿ ਐਨ.ਜੀ.ਓਜ਼ ਵਲੰਟੀਅਰਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਜਾਣਕਾਰੀ ਵਿੱਚ ਵਾਧਾ ਕਰਨ ਵਾਲੀਆਂ ਛੋਟੀਆਂ-ਛੋਟੀਆਂ ਵਿਡੀਓਜ਼ ਬਣਾ ਕੇ ਵਟਸਐਪ ਗਰੁੱਪਾਂ ਵਿੱਚ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਕਿਉਂਕਿ ਵਿਜ਼ੁਅਲ ਦਿਮਾਗ ‘ਤੇ ਅਮਿੱਟ ਪ੍ਰਭਾਵ ਛੱਡਦੇ ਹਨ.
ਉਨ੍ਹਾਂ ਫਰੰਟਲਾਈਨ ਕਰਮਚਾਰੀਆਂ ਅਤੇ ਕਮਜ਼ੋਰ ਅਬਾਦੀ ਨੂੰ ਬਿਮਾਰੀ ਤੋਂ ਬਚਾਉਣ ਲਈ ਕੋਵਿਡ ਟੀਕਾਕਰਨ ਮੁਹਿੰਮ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਅਗਲੇ ਦੋ ਹਫ਼ਤੇ ਵਾਇਰਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਹਿਮ ਹਨ ਅਤੇ ਅਪੀਲ ਕੀਤੀ ਕਿ ਨਾਗਰਿਕ ਸਮਾਜਿਕ ਦੂਰੀ ਅਤੇ ਸਿਹਤ ਪ੍ਰੋਟੋਕੋਲ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਦੇ ਰਹਿਣ.
ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਘਾਤਕ ਵਿਸ਼ਾਣੂ ਨਾਲ ਪੈਦਾ ਹੋਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਨੂੰ ਸਾਰੇ ਨਿਯਮਾਂ ਦੀ ਪਾਲਣਾ ਕਰਦਿਆਂ ਇਸ ਲੜਾਈ ਸਹਿਯੋਗ ਕਰਨਾ ਚਾਹੀਦਾ ਹੈ।
ਇਸ ਤੋਂ ਇਲਾਵਾ, ਉਨ੍ਹਾਂ ਸਾਰੀਆਂ ਐਨ.ਜੀ.ਓਜ਼ ਨੂੰ ਤੁਰੰਤ ਕੋਵਿਡ ਵੈਕਸੀਨੇਸ਼ਨ ਕਰਾਉਣ ਦੀ ਅਪੀਲ ਕੀਤੀ ਅਤੇ ਸਿਹਤ ਵਿਭਾਗ ਨੂੰ ਉਨ੍ਹਾਂ ਨੂੰ ਫਰੰਟਲਾਈਨ ਵਰਕਰਾਂ ਵਜੋਂ ਰਜਿਸਟਰ ਕਰਨ ਲਈ ਵੀ ਕਿਹਾ ਕਿਉਂਕਿ ਸਵੈ-ਸੇਵਕਾਂ ਨੇ ਕਰਫਿਊ ਅਤੇ ਲਾਕਡਾਊਨ ਦੌਰਾਨ ਕੁਸ਼ਲ ਕੰਮ ਕੀਤਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸ੍ਰੀ ਅਮਰਜੀਤ ਬੈਂਸ, ਸ. ਸਕੱਤਰ ਸਿੰਘ ਅਤੇ ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।