ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ

ਨਿਊਜ਼ ਪੰਜਾਬ 

ਲੁਧਿਆਣਾ, 11 ਮਾਰਚ  – ਪੰਜਾਬ ਸਰਕਾਰ ਵਲੋਂ ਉਲੀਕੇ ਗਏ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵਲੋਂ ਸ੍ਰੀ ਵਿਜੈ ਇੰਦਰ ਸਿੰਗਲਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਤਹਿਤ 1 ਮਾਰਚ ਤੋਂ 10 ਮਾਰਚ ਤੱਕ ਕਰਵਾਏ ਗਏ ਪੇਟਿੰਗ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਨਾਨ-ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
ਇਸ ਸਬੰਧੀ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ.ਹਰਜੀਤ ਸਿੰਘ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿੱਚ ਜ਼ਿਲੇ ਦੇ ਲਗਭਗ ਸਾਰੇ ਹੀ ਸਰਕਾਰੀ ਸਕੂਲਾਂ ਵਿੱਚੋਂ 1600 ਵਿਦਿਆਰਥੀਆਂ ਨੇ ਗੁਰੁ ਤੇਗ ਬਹਾਦਰ ਸਾਹਿਬ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਰੰਗਾਂ ਰਾਹੀਂ ਪੇਪਰ ‘ਤੇ ਦਰਸਾਇਆ। ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਗਿਆ।
ਇਨ੍ਹਾਂ ਮੁਕਾਬਲਿਆਂ ਦੇ ਜ਼ਿਲਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਬਰਾੜ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ਲਈ ਸਰਕਾਰੀ ਸਕੂਲਾਂ ਦੇ ਮੁੱਖੀਆਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਭਰਪੂਰ ਸਹਿਯੋਗ ਦਿੰਦੇ ਹੋਏ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ‘ਤੇ ਸਰਧਾ ਦੇ ਫੁੱਲ ਭੇਂਟ ਕੀਤੇ ਗਏ।ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਸ. ਹਰਜੀਤ ਸਿੰਘ ਵਲੋਂ ਪੇਟਿੰਗ ਮੁਕਾਬਲਿਆਂ ਦਾ ਲਗਾਤਾਰ ਨਿਰੀਖਣ ਕੀਤਾ ਗਿਆ।