ਕੋਰੋਨਾ ਲੁਧਿਆਣਾ :- ਕੇਸਾਂ ਚ ਹੈਰਾਨੀਕੁੰਨ ਵਾਧਾ ਅੱਜ ਨਵੇਂ ਕੇਸ 226 ਤੇ ਮੌਤਾਂ 4
ਨਿਊਜ਼ ਪੰਜਾਬ
ਲੁਧਿਆਣਾ, 15 ਮਾਰਚ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2835 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 29059 ਮਰੀਜ਼ਾਂ ਵਿਚੋਂ 92.34% (26835 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 2835 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1170 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 26835 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 255 ਮਰੀਜ਼ (226 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 29 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 722492 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 722212 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 688539 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 280 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 29059 ਹੈ, ਜਦਕਿ 4614 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 5 ਮੌਤਾਂ ਦੀ ਪੁਸ਼ਟੀ ਹੋਈ ਹੈ (4 ਜ਼ਿਲ੍ਹਾ ਲੁਧਿਆਣਾ ਅਤੇ 1 ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1054 ਅਤੇ 529 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 60574 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3009 ਵਿਅਕਤੀ ਇਕਾਂਤਵਾਸ ਹਨ। ਅੱਜ 224 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।