ਡੀ.ਸੀ. ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿਹਾ! ਬੇਝਿੱਜਕ ਹੋ ਕੇ ਟੀਕਾਕਰਨ ਕਰਵਾਓ, ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹੋਵੇਗੀ ਸਹਾਈ
ਨਿਊਜ਼ ਪੰਜਾਬ
ਲੁਧਿਆਣਾ, 17 ਮਾਰਚ – ਜਿਵੇਂ ਕਿ ਕੋਵਿਡ ਮਹਾਂਮਾਰੀ ਨੇ ਲੁਧਿਆਣਾ ਵਿੱਚ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਵਾਸੀਆਂ ਨੂੰ ਇੱਕ ਵਾਰ ਫੇਰ ਅਪੀਲ ਕਰਦਿਆਂ ਕਿਹਾ ਕਿ ਉਹ ਬੇਝਿੱਜਕ ਹੋ ਕੇ ਆਪਣਾ ਟੀਕਾਕਰਨ ਕਰਵਾਉਣ।
ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਯੋਗ ਸ਼੍ਰੇਣੀ ਦੇ ਲੋਕ ਕੋਵਿਡ ਮਾਮਲਿਆਂ ਵਿੱਚ ਵਾਧੇ ਦੇ ਬਾਵਜੂਦ ਵੈਕਸੀਨੇਸ਼ਨ ਲਈ ਜ਼ਿਆਦਾ ਅੱਗੇ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨੂੰ ਠੱਲ੍ਹ ਪਾਉਣੀ ਲਾਜ਼ਮੀ ਹੈ ਅਤੇ ਲੋਕਾਂ ਨੂੰ ਇਸ ਬਿਮਾਰੀ ਖ਼ਿਲਾਫ਼ ਲੜਾਈ ਜਿੱਤਣ ਲਈ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਕੋਵੀਸ਼ੀਲਡ ਅਤੇ ਕੋਵੈਕਸਿਨ ਦੋਵੇਂ ਟੀਕੇ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹਨ, ਇਸ ਗੱਲ ‘ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਕਸੀਨ ਤੋਂ ਮੁੰਹ ਫੇਰ ਕੇ ਅਸੀਂ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਾਂ।
ਉਨ੍ਹਾਂ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਮਹਾਂਮਾਰੀ ਨੂੰ ਰੋਕਣ ਲਈ ਸਾਡੇ ਕੋਲ ਦੋ ਪ੍ਰਕਾਰ ਦੀ ਵੈਕਸੀਨ ਹੈ ਅਤੇ ਦੁਨੀਆ ਭਰ ਦੇ ਕਈ ਮੁਲਕ ਅਜੇ ਵੀ ਟੀਕਾ ਵਿਕਸਤ ਕਰਨ ਦੀ ਪ੍ਰਕਿਰਿਆ ਵਿਚ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਜ਼ਿਲੇ ਵਿਚ 70 ਹਜ਼ਾਰ ਟੀਕਿਆਂ ਦਾ ਢੁੱਕਵਾਂ ਭੰਡਾਰ ਹੈ ਅਤੇ ਇਹ ਟੀਕੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਲਗਾਏ ਜਾ ਰਹੇ ਹਨ. ਇਸ ਤੋਂ ਇਲਾਵਾ ਨਿੱਜੀ ਸਿਹਤ ਸੰਸਥਾਵਾਂ ਵਿਚ ਇਹ ਸਹੂਲਤ 250 ਰੁਪਏ ਵਿੱਚ ਯਕੀਨੀ ਬਣਾਈ ਗਈ ਹੈ।
ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਰਾਤ ਦਾ ਕਰਫਿਊ ਇਸ ਵਾਇਰਸ ਨੂੰ ਰੋਕਣ ਲਈ ਬਹੁਤ ਪ੍ਰਭਾਵਸ਼ਾਲੀ ਹੈ ਕਿਉਂਕਿ ਲੋਕ ਰਾਤ ਦੇ ਸਮੇਂ ਪਾਰਟੀ ਕਰਨ ਤੋਂ ਪਰਹੇਜ਼ ਕਰਨ ਲਈ ਸੁਚੇਤ ਰਹਿੰਦੇ ਹਨ।