ਕੈਪਟਨ ਸਰਕਾਰ ਦੀ ਅਗਵਾਈ ‘ਚ ਬਹੁ-ਕਰੋੜੀ ਪ੍ਰਾਜੈਕਟਾਂ ਨਾਲ ਜ਼ਿਲ੍ਹਾ ਲੁਧਿਆਣਾ ਬਣੇਗਾ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ – ਐਮ.ਐਲ.ਏ. ਸੁਰਿੰਦਰ ਡਾਵਰ, ਮੇਅਰ ਬਲਕਾਰ ਸੰਧੂ

ਨਿਊਜ਼ ਪੰਜਾਬ 

ਲੁਧਿਆਣਾ, 18 ਮਾਰਚ  – ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸੰਧੂ ਅਤੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਸਾਂਝੇ ਤੌਰ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ ਵਿਕਾਸ ਦੇ ਨਵੇਂ ਯੁੱਗ ਦਾ ਗਵਾਹ ਬਣੇਗਾ, ਜਿੱਥੇ ਬਹੁ-ਕਰੋੜੀ ਪ੍ਰਾਜੈਕਟ ਪਹਿਲਾਂ ਹੀ ਸੁਰੂ ਕੀਤੇ ਜਾ ਚੁੱਕੇ ਹਨ ਅਤੇ ਹੋਰ ਬਹੁਤ ਸਾਰੇ ਕੰਮਾਂ ਦੀ ਸ਼ੁਰੂਆਤ ਹੋ ਰਹੀ ਹੈ।

ਆਗੂਆਂ ਨੇ ਰਾਜ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦਿਸ਼ਾ ਵਿੱਚ ਅਣਥੱਕ ਮਿਹਨਤ ਕਰ ਰਹੀ ਹੈ ਤਾਂ ਜੋ ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਵੀ ਸ਼ਾਮਲ ਸਨ।

ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਠੋਸ ਉਪਰਾਲਿਆਂ ਰਾਹੀਂ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਪਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਠੋਸ ਯਤਨਾਂ ਸਦਕਾ ਪੰਜਾਬ ਜਲਦ ਹੀ ਦੇਸ਼ ਵਿਚ ਮੋਹਰੀ ਸੂਬੇ ਵਜੋਂ ਉਭਰੇਗਾ।

ਉਨ੍ਹਾਂ ਦੱਸਿਆ ਕਿ ਸਾਰੇ ਵਿਕਾਸ ਪ੍ਰਾਜੈਕਟ ਜਿਨ੍ਹਾਂ ਵਿੱਚ 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢੇ ਨਾਲੇ ਦਾ ਕਾਇਆ  ਕੱਲਪ, ਲੁਧਿਆਣਾ ਵਿੱਚ 200 ਕਰੋੜ ਦੀ ਲਾਗਤ ਨਾਲ ਨਵੀਆਂ ਸੜਕਾਂ ਦਾ ਨਿਰਮਾਣ, ਸੀਵਰੇਜ ਲਾਈਨਾਂ ਵਿਛਾਉਣਾ, ਨਵੀਆਂ ਲਈਅਰ ਵੈਲੀਜ਼ ਦੇ ਆਰ.ਓ.ਬੀਜ਼ ਦਾ ਵਿਕਾਸ, ਰਾਜਮਾਰਗਾਂ ਦਾ ਨਿਰਮਾਣ, ਨਵੇਂ ਸਮਾਰਟ ਸਕੂਲ, ਕਾਲਜ, ਨਵੇਂ ਪਾਰਕ ਅਤੇ ਹੋਰ ਕੰਮ ਸ਼ਾਮਲ ਹਨ ਜ਼ਿਨ੍ਹਾਂ ਰਾਹੀਂ ਲੁਧਿਆਣਾ ਨੂੰ ਵਿਸ਼ਵ ਪੱਧਰੀ ਸ਼ਹਿਰ ਵਿੱਚ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਾਲ ਨਿਗਮ ਵੱਲੋਂ 200 ਈ-ਰਿਕਸ਼ਾ ਖਰੀਦੇ ਜਾਣਗੇ ਜੋ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਵਿਚ ਵੀ ਸਹਾਈ ਸਿੱਧ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੁਆਰਾ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਮਾਜ ਭਲਾਈ ਅਤੇ ਹੋਰ ਖੇਤਰਾਂ ਵਿੱਚ ਲਏ ਗਏ ਫੈਸਲਿਆਂ ਨੇ ਪੰਜਾਬ ਦੀ ਆਰਥਿਕਤਾ ਦੀ ਮੁੜ ਸੁਰਜੀਤੀ ਨੂੰ ਯਕੀਨੀ ਬਣਾਇਆ ਹੈ।

ਉਨ੍ਹਾਂ ਕਿਹਾ, ਹਾਲਾਂਕਿ ਕੋਰੋਨਾ ਮਹਾਂਮਾਰੀ ਨੇ ਪੰਜਾਬ ਸੂਬੇ ਨੂੰ ਵਿੱਤੀ ਸੰਕਟ ਵਿੱਚ ਪਾ ਦਿੱਤਾ ਹੈ, ਪਰ ਫੇਰ ਵੀ ਵਿਕਾਸ ਕਾਰਜਾਂ ਦੀ ਗਤੀ ਮੱਠੀ ਨਹੀਂ ਪਈ।

ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਮੇਅਰ ਸ੍ਰੀ ਬਲਕਾਰ ਸੰਧੂ ਅਤੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲੋਂ ਅੱਜ ‘ਨਵਾਂ ਨਰੋਆ ਪੰਜਾਬ’ ਕਿਤਾਬ ਨੂੰ ਲੋਕਅਰਪਣ ਕੀਤਾ, ਜਿਸ ਵਿੱਚ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਰਾਜ ਦੇ ਸਰਵਪੱਖੀ ਵਿਕਾਸ ਵੱਲ ਲਿਜਾਣ ਵਾਲੇ ਹਰ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਮੀਲ ਪੱਥਰਾਂ ਨੂੰ ਦਰਸਾਇਆ ਗਿਆ ਹੈ।

ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ.ਲਖਵੀਰ ਸਿੰਘ ਲੱਖਾ, ਮੇਅਰ ਬਲਕਾਰ ਸਿੰਘ ਸੰਧੂ, ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੀ.ਐਮ.ਆਈ.ਡੀ.ਬੀ. ਸ.ਅਮਰਜੀਤ ਸਿੰਘ ਟਿੱਕਾ, ਨਿਗਮ  ਕੌਂਸਲਰ ਮਮਤਾ ਆਸ਼ੂ, ਡੀ.ਸੀ. ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਐਮ.ਸੀ. ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਡੀ.ਸੀ.ਸੀ. ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਏ.ਡੀ.ਸੀ. (ਜਨਰਲ) ਸ੍ਰੀ ਅਮਰਜੀਤ ਬੈਂਸ, ਐਮ.ਸੀ. ਜੁਆਇੰਟ ਕਮਿਸ਼ਨਰ ਸ.ਕੁਲਪ੍ਰੀਤ ਸਿੰਘ ਵੱਲੋਂ ਸਥਾਨਕ ਬਚਤ ਭਵਨ ਵਿਖੇ ਮੁੱਖ ਮੰਤਰੀ ਦੀ ਮੀਡੀਆ ਨਾਲ ਵਰਚੁਅਲ ਮੀਟਿੰਗ ਵਿੱਚ ਸ਼ਾਮਲ ਹੋਏ।