ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ

ਨਿਊਜ਼ ਪੰਜਾਬ 

ਲੁਧਿਆਣਾ, 18 ਮਾਰਚ – ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਗੁਰਬੀਰ ਸਿੰਘ ਵੱਲੋਂ 10 ਅਪ੍ਰੈਲ, 2021 ਨੂੰ ਹੋਣ ਜਾ ਰਹੀ ਵਿਸ਼ਾਲ ਰਾਸ਼ਟਰੀ ਲੋਕ ਅਦਾਲਤ ਨੂੰ ਸਫ਼ਲ ਬਣਾਉਣ ਵਿਚ ਸਾਰਿਆਂ ਦਾ ਸਹਿਯੋਗ ਦੀ ਅਪੀਲ ਕੀਤੀ।
ਤਿਮਾਹੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਗੁਰਬੀਰ ਸਿੰਘ, ਜੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਵਿਵਾਹਿਕ ਝਗੜੇ, ਸਿਵਲ ਦਾਵੇ, 138 N.I. Act ਦੇ ਕੇਸ, MACT ਕਲੇਮ ਕੇਸ, ਲੇਬਰ ਝਗੜੇ, ਰਾਜ਼ੀਨਾਮਾ ਹੋਣ ਯੋਗ ਫੌਜਦਾਰੀ ਕੇਸ, ਪ੍ਰੀ-ਲਿਟੀਗੇਟਿਵ ਬੈਂਕ ਲੋਨ ਕੇਸਿਜ਼, ਬਿਜਲੀ, ਪਾਣੀ ਆਦਿ ਨਾਲ ਸਬੰਧਤ ਸ਼ਿਕਾਇਤਾਂ ਦੇ ਮਾਮਲੇ ਸੁਣਵਾਈ ਲਈ ਰੱਖੇ ਜਾਣਗੇ ਅਤੇ ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ।
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਲੋਕ ਅਦਾਲਤਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕਰਨ ਦੇ ਨਾਲ-ਨਾਲ ਲੋਕਾਂ ਵਿਚ ਸਦਭਾਵਨਾ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਲੋਕ ਅਦਾਲਤ ਦੇ ਫੈਸਲੇ ਨੂੰ ਅੱਗੇ ਚੁਣੌਤੀ ਵੀ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਅੱਗੇ ਕਿਹਾ ਕਿ ਲੋਕ ਆਪਣੇ ਕੇਸਾਂ ਦਾ ਵਕੀਲਾਂ ਰਾਹੀਂ ਨਿਪਟਾਰਾ ਕਰਵਾਉਣ ਤੋਂ ਇਲਾਵਾ ਮੁਫਤ ਕਾਨੂੰਨੀ ਸਹਾਇਤਾ ਲਈ ਕੋਰਟ ਕੰਪਲੈਕਸ ਵਿਚ ਅਥਾਰਟੀ ਦੇ ਦਫ਼ਤਰ ਨਾਲ ਵੀ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਸ.ਬਲਵਿੰਦਰ ਸਿੰਘ, ਸ੍ਰੀ ਅਨਿਲ ਕੁਮਾਰ, ਸੀ.ਜੇ.ਐਮ. ਮੈਡਮ ਪ੍ਰੀਤੀ ਸੁਖੀਜਾ, ਸ.ਪ੍ਰਭਜੋਤ ਸਿੰਘ ਕਾਲੇਕਾ, ਜ਼ਿਲ੍ਹਾ ਅਟਾਰਨੀ ਸ੍ਰੀ ਰਵਿੰਦਰ ਅਬਰੋਲ, ਸ੍ਰੀ ਅਨਿਲ ਭਾਰਤੀ, ਸਮਾਜ ਸੇਵਕ ਸ੍ਰੀ ਰਮਨਦੀਪ ਗੋਇਲ, ਲਕਸ਼ਮੀ ਅਤੇ ਹੋਰ ਹਾਜ਼ਰ ਸਨ।