ਜਲ ਸ਼ਕਤੀ ਅਭਿਆਨ : ‘ਕੈਚ ਦ ਰੇਨ ਵੇਅਰ ਇਟ ਫਾਲਜ਼ ਵੈੱਨ ਇਟ ਫਾਲਜ’ ਦੀ ਲੁਧਿਆਣਾ ‘ਚ ਸੁਰੂਆਤ

ਨਿਊਜ਼ ਪੰਜਾਬ 

ਲੁਧਿਆਣਾ, 22 ਮਾਰਚ  – ਲੋਕਾਂ ਨੂੰ ਦਿਨ-ਬ-ਦਿਨ ਡਿੱਗ ਰਹੇ ਪਾਣੀ ਦੇ ਪੱਧਰ ਦੇ ਬਚਾਅ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਗਰੂਕ ਕਰਨ ਲਈ, ਅੱਜ ਜਲ ਸ਼ਕਤੀ ਅਭਿਆਨ ਦੇ ਬੈਨਰ ਤਲੇ ‘ਕੈਚ ਦ ਰੇਨ ਵੇਅਰ ਇਟ ਫਾਲਜ਼ ਵੈੱਨ ਇਟ ਫਾਲਜ਼’ ਪ੍ਰੋਗਰਾਮ ਸ਼ੁਰੂ ਕੀਤਾ ਗਿਆ।
ਵੀਡੀਓ ਕਾਨਫਰੰਸਿੰਗ ਵਿਚ ਭਾਗ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪਾਣੀ ਦੀ ਸੰਭਾਲ ਕਰਨਾ ਸਮੇਂ ਦੀ ਲੋੜ ਹੈ, ਕਿਉਂਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਪਾਣੀ ਦੇ ਪੱਧਰ ਵਿੱਚ ਭਾਰੀ ਗਿਰਾਵਟ ਆਈ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਾਰੇ ਭਾਗੀਦਾਰਾਂ ਨੂੰ ਜਾਗਰੂਕ ਕਰਨਾ ਹੈ ਜੋ ਮੀਂਹ ਦੇ ਪਾਣੀ ਨੂੰ ਧਰਤੀ ਹੇਠਾਂ ਰੀਚਾਰਜ਼ ਕਰਨ ਅਤੇ ਘਰਾਂ ਦੇ ਗੰਦੇ ਪਾਣੀ ਨੂੰ ਖੇਤੀਬਾੜੀ ਲਈ ਉਪਯੋਗ ਕਰਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਪੌਦੇ ਲਗਾ ਕੇ ਅਤੇ ਹਰਿਆਵਲ ਖੇਤਰ ਵਿੱਚ ਵਾਧਾ ਕਰਨ ਦੇ ਨਾਲ-ਨਾਲ ਹੋਰ ਵੱਖ-ਵੱਖ ਉਪਰਾਲਿਆਂ ਰਾਹੀਂ ਠੋਸ ਯਤਨ ਕਰ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਆਦਾਤਰ ਮੀਂਹ ਦਾ ਪਾਣੀ ਬਰਬਾਦ ਹੋ ਜਾਂਦਾ ਹੈ ਅਤੇ ਇਹ ਜਾਂ ਤਾਂ ਸੀਵਰੇਜ ਵਿਚ ਚਲਾ ਜਾਂਦਾ ਹੈ ਜਾਂ ਵਾਸ਼ਪੀਕਰਨ ਹੋ ਜਾਂਦਾ ਹੈ ਜਿਸਨੂੰ ਸਟੋਰ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਵਰਤਿਆ ਜਾ ਸਕਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਰਹਿੰਦੇ ਹਨ ਉਨ੍ਹਾਂ ਦੇ ਇਲਾਕਿਆਂ ਵਿੱਚ ਪਾਣੀ ਦੀ ਸੰਭਾਲ ਦੇ ਰਾਜਦੂਤ ਬਣਨ। ਉਨ੍ਹਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਸਮੂਹਿਕ ਫਰਜ਼ ਬਣਦਾ ਹੈ ਕਿ ਅਸੀਂ ਇਸ ਬਹੁਮੁੱਲੇ ਸਰੋਤ ਨੂੰ ਬਚਾਈਏ ਨਹੀਂ ਤਾਂ ਸਾਨੂੰ ਇਸਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਉਨ੍ਹਾਂ ਕਿਹਾ ਕਿ ਪਾਣੀ ਦੀ ਬਰਬਾਦੀ ਨੂੰ ਕਿਸੇ ਵੀ ਕੀਮਤ ‘ਤੇ ਰੋਕਿਆ ਜਾਣਾ ਚਾਹੀਦਾ ਹੈ ਅਤੇ ਕਿਸਾਨਾਂ ਅਤੇ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਰਾਖੀ ਕਰਨ।
ਉਨ੍ਹਾਂ ਕਿਹਾ ਕਿ ਮੀਂਹ ਦੇ ਪਾਣੀ ਦੀ ਸਾਂਭ-ਸੰਭਾਲ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਦੀਆਂ ਗਤੀਵਿਧੀਆਂ ਚਲਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਸੰਭਾਲ ਹਰ ਇਕ ਵਿਅਕਤੀ ਦੀ ਸਮਾਜਿਕ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਬਚਤ ਕੀਤੀ ਜਾ ਸਕੇ।