ਵਿਧਾਇਕ ਸੁਰਿੰਦਰ ਡਾਵਰ ਅਤੇ ਡੀ.ਸੀ. ਵੱਲੋਂ ਹੈਲਥ ਐਂਡ ਵੈਲਨੈਂਸ ਸੈਂਟਰਾਂ, ਮਲੌਦ ਅਤੇ ਸਿੱਧਵਾਂ ਬਿੱਟ ਵਿਖੇ ਪੁਲਿਸ ਸਟੇਸ਼ਨ ਦੀ ਨਵੀਂ ਬਿਲਡਿੰਗ ਦੇ ਉਦਘਾਟਨ ਮੌਕੇ ਸ਼ਮੂਲੀਅਤ
ਨਿਊਜ਼ ਪੰਜਾਬ
ਲੁਧਿਆਣਾ, 25 ਮਾਰਚ – ਕੋਵਿਡ ਮਾਮਲਿਆਂ ਦੇ ਮੁੜ ਉੱਭਰਨ ਦਰਮਿਆਨ ਮੁੱਢਲੀਆਂ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੇ ਉਦੇਸ਼ ਨਾਲ ਵਿਧਾਇਕ ਲੁਧਿਆਣਾ ਕੇਂਦਰੀ ਸ੍ਰੀ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਹੈਲਥ ਐਂਡ ਵੈਲਨੈੱਸ ਸੈਂਟਰਾਂ, ਸਿੱਧਵਾਂ ਬੇਟ ਅਤੇ ਮਲੌਦ ਥਾਣਿਆਂ ਦੀ ਨਵੀਆਂ ਬਣੀਆਂ ਇਮਾਰਤਾਂ ਦੇ ਵਰਚੁਅਲ ਉਦਘਾਟਨ ਵਿੱਚ ਹਿੱਸਾ ਲਿਆ।
ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਦੇ ਰਾਜ ਪੱਧਰੀ ਵਰਚੁਅਲ ਉਦਘਾਟਨ ਸਮਾਰੋਹ ਵਿਚ ਭਾਗ ਲੈਂਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿਚ 222 ਸਬ-ਹੈਲਥ ਸੈਂਟਰਾਂ ਨੂੰੰ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਜੋਂ ਅਪਗ੍ਰੇਡ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੇ 14 ਸੈਂਟਰ ਨਿਰਮਾਣ ਅਧੀਨ ਹਨ ਅਤੇ ਆਉਣ ਵਾਲੇ ਮਹੀਨਿਆਂ ਵਿਚ ਜਲਦ ਮੁਕੰਮਲ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਟੀਕਾਕਰਣ ਦੀ ਪੇਸ਼ਕਸ਼ ਕਰਨਗੇ ਜਿਸ ਨਾਲ ਟੀਕਾਕਰਨ ਦੀ ਮੁਹਿੰਮ ਵਿੱਚ ਤੇਜ਼ੀ ਆਵੇਗੀ ਅਤੇ ਕੋਵਿਡ ਚੇਨ ਤੋੜਨ ਵਿੱਚ ਸਹਾਈ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਕੇਂਦਰ ਕਮਿਊਨਿਟੀ ਹੈਲਥ ਅਫਸਰ ਚਲਾ ਰਹੇ ਹਨ ਜੋ ਕੈਂਸਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ ਸਮੇਤ ਹੋਰ ਵੱਖ-ਵੱਖ ਗੈਰ-ਸੰਚਾਰੀ ਬਿਮਾਰੀਆਂ ਦਾ ਇਲਾਜ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਨੂੰ ਚਲਾਉਣ ਲਈ ਨਰਸਿੰਗ ਵਿਭਾਗ (ਸਟਾਫ ਨਰਸਾਂ) ਨੂੰ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਇੱਕ ਬ੍ਰਿਜ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ ਹੈ ਅਤੇ ਉਨ੍ਹਾਂ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਤੋਂ ਕਮਿਊਨਿਟੀ ਹੈਲਥ ਅਫਸਰ ਦੀ ਛੇ ਮਹੀਨੇ ਦੀ ਸਿਖਲਾਈ ਵੀ ਲਈ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਕੋਰਸ ਦੌਰਾਨ ਕਮਿਊਨਿਟੀ ਹੈਲਥ ਅਫ਼ਸਰਾਂ ਨੂੰੰ ਸਿਧਾਂਤਕ ਅਤੇ ਵਿਵਹਾਰਕ ਸਿਖਲਾਈ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਕੇਂਦਰ ਪਹਿਲੇ ਪੜਾਅ ‘ਤੇ ਸ਼ੱਕੀ ਮਾਮਲਿਆਂ ਦੀ ਛੇਤੀ ਰਿਪੋਰਟਿੰਗ ਨੂੰ ਯਕੀਨੀ ਬਣਾ ਕੇ ਕੋਵਿਡ-19 ਮਹਾਂਮਾਰੀ ਵਿਰੁੱਧ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ ਵਰਗੇ ਲੱਛਣਾਂ ਵਾਲੇ ਸ਼ੱਕੀ ਮਾਮਲਿਆਂ ਦੀ ਛੇਤੀ ਜਾਂਚ ਨਾਲ ਰੋਕ ਲਗਾਈ ਜਾ ਸਕਦੀ ਹੈ ਅਤੇ ਜਲਦ ਤੋਂ ਜਲਦ ਵਾਇਰਸ ਦੀ ਪ੍ਰਸਾਰਣ ਲੜੀ ਨੂੰ ਤੋੜਨ ਵਿਚ ਮਦਦ ਮਿਲੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਇਹ ਦੇਸ਼ ਵਿੱਚ ਪਹਿਲੀ ਕਿਸਮ ਦੀ ਪਹਿਲਕਦਮੀ ਹੈ ਅਤੇ ਉਨ੍ਹਾਂ ਨੂੰ ਬਹੁਤ ਉਮੀਦ ਹੈ ਕਿ ਇਹ ਕੇਂਦਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਹਰੇਕ ਨਿਵਾਸੀ ਨੂੰ ਉਨ੍ਹਾਂ ਦੇ ਬੂਹੇ ‘ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।
ਉਨ੍ਹਾਂ ਇਹ ਵੀ ਕਿਹਾ ਕਿ ਸਿੱਧਵਾਂ ਬੇਟ ਅਤੇ ਮਲੌਦ ਥਾਣਿਆਂ ਦੀਆਂ ਨਵੀਆਂ ਇਮਾਰਤਾਂ ਵੀ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਅਤੇ ਹੋਰ ਵੀ ਹਾਜ਼ਰ ਸਨ।