ਮਾਸ ਮੀਡੀਆ ਟੀਮਾਂ ਵੱਲੋਂ ਲੁਧਿਆਣਾ ਦੇ ਸੇਵਾ ਕੇਂਦਰਾਂ ‘ਚ ਕੋਵਿਡ-19 ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਨਿਊਜ਼ ਪੰਜਾਬ
ਲੁਧਿਆਣਾ, 25 ਮਾਰਚ – ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀਆਂ ਮਾਸ ਮੀਡੀਆ ਟੀਮਾਂ ਪੂਰੀ ਤਨਦੇਹੀ ਨਾਲ ਆਪਣੀ ਜਾਗਰੂਕਤਾ ਮੁਹਿੰਮ ਚਲਾ ਰਹੀਆਂ ਹਨ, ਜਿਸਦੇ ਤਹਿਤ ਉਨ੍ਹਾਂ ਅੱਜ ਲੁਧਿਆਣਾ ਦੇ ਵੱਖ ਵੱਖ ਸੇਵਾ ਕੇਂਦਰਾਂ ਵਿੱਖੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਕੀਤਾ।
ਜ਼ਿਕਰਯੋਗ ਹੈ ਕਿ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਹਮੇਸ਼ਾਂ ਲੋਕਾਂ ਦੀ ਭਾਰੀ ਭੀੜ ਬਣੀ ਰਹਿੰਦੀ ਹੈ ਜਿੱਥੇ ਕਿ ਉਹ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਆਉਂਦੇ ਹਨ। ਅਕਸਰ ਵੇਖਿਆ ਗਿਆ ਕਿ ਲੋਕ ਅਜਿਹੀਆਂ ਥਾਵਾਂ ‘ਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਕਰਦੇ ।
ਬਲਾਕ ਐਕਸਟੈਂਸ਼ਨ ਐਜੂਕੇਟਰ ਸ੍ਰੀ ਜਗਜੀਵਨ ਸ਼ਰਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਸਹੀ ਕਤਾਰ ਬਣਾਉਣ ਅਤੇ ਇਕ-ਦੂਜੇ ਤੋਂ 6 ਫੁੱਟ ਦੀ ਦੂਰੀ ‘ਤੇ ਖੜੇ ਹੋਣ ਲਈ ਸੇਧ ਦਿੱਤੀ ਗਈ। ਇਹ ਵੀ ਯਕੀਨੀ ਬਣਾਇਆ ਗਿਆ ਕਿ ਕਿਸੇ ਵੀ ਵਿਅਕਤੀ ਨੂੰ ਮਾਸਕ ਪਾਏ ਬਿਨਾਂ ਸੇਵਾ ਕੇਂਦਰ ਵਿਚ ਦਾਖਲ ਹੋਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਲੋਕਾਂ ਨੂੰ ਆਪਣੇ ਹੱਥਾਂ ਨੂੰ ਸਵੱਛ ਬਣਾਉਣਾ ਲਈ ਵੀ ਪ੍ਰੇਰਿਤ ਕੀਤਾ। ਸਟਾਫ ਨੂੰ ਸਲਾਹ ਦਿੱਤੀ ਗਈ ਕਿ ਉਹ ਆਪਣੀ ਡਿਊਟੀ ਸਮੇਂ ਦੌਰਾਨ ਮਿਸ਼ਨ ਫਤਿਹ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
ਸਾਹਿਲ ਅਰੋੜਾ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਲੁਧਿਆਣਾ ਨੇ ਸਿਹਤ ਵਿਭਾਗ ਦੀ ਟੀਮ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸੇਵਾ ਕੇਂਦਰਾਂ ਵਿੱਚ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨ ਦਾ ਭਰੋਸਾ ਦਿੱਤਾ ਅਤੇ ਸੇਵਾ ਕੇਂਦਰ ਦੇ ਸਟਾਫ ਮੈਂਬਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਬਾਰੇ ਸਿਵਲ ਸਰਜਨ, ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਕਿਹਾ ਕਿ ਸਾਡੀ ਟੀਮ ਵੱਲੋਂ ਲੋਕਾਂ ਨੂੰ ਕੋਵਿਡ ਟੀਕਾਕਰਨ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦਾ ਪੰਜਾਬ ਦਾ ਹਰ ਨਾਗਰਿਕ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਕੋਵਿਡ ਟੀਕਾਕਰਨ ਕਰਵਾ ਸਕਦਾ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫਤ ਹੈ ਜਦੋਂ ਕਿ ਨਿੱਜੀ ਹਸਪਤਾਲਾਂ ਵਿਚ ਉਨ੍ਹਾਂ ਨੂੰ 250 ਰੁਪਏ ਪ੍ਰਤੀ ਡੋਜ਼ ਦੀ ਅਦਾਇਗੀ ਕਰਨੀ ਪੈਂਦੀ ਹੈ।
ਡਾ.ਕੱਕੜ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਉਹ ਕਿਸੇ ਵੀ ਨੇੜਲੇ ਸਿਹਤ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ ਜਾਂ ਕਿਸੇ ਵੀ ਕਿਸਮ ਦੀ ਡਾਕਟਰੀ ਸਹਾਇਤਾ ਲਈ ਜਾਂ ਸਿਹਤ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਮੁਕਤ ਨੰਬਰ 104 ਵੀ ਡਾਇਲ ਕਰ ਸਕਦੇ ਹਨ ।