ਡੀ.ਸੀ. ਵੱਲੋਂ ਐਸ.ਡੀ.ਐਮ. ਅਤੇ ਮਾਲ ਅਧਿਕਾਰੀਆਂ ਨੂੰ ਕੁਲੈਕਟਰ ਰੇਟਾਂ ਵਿੱਚ ਸੋਧ ਸਬੰਧੀ ਪ੍ਰਸਤਾਵ ਪੇਸ਼ ਕਰਨ ਲਈ ਕਿਹਾ
ਨਿਊਜ਼ ਪੰਜਾਬ
ਲੁਧਿਆਣਾ, 27 ਮਾਰਚ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਉਪ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਜ਼ਮੀਨੀ ਕੰਮਾਂ ਦੀ ਰਜਿਸਟਰੀ ਕਰਵਾਉਣ ਲਈ ਕੁਲੈਕਟਰ ਰੇਟਾਂ ਵਿੱਚ ਸੋਧ ਲਈ ਆਪਣੇ ਵਿਸਥਾਰ ਪ੍ਰਸਤਾਵ ਪੇਸ਼ ਕਰਨ ਲਈ ਕਿਹਾ।
ਐਸ.ਡੀ.ਐਮ. ਅਤੇ ਮਾਲ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਲੈਕਟਰ ਰੇਟਾਂ ਦੀ ਸਮੀਖਿਆ ਲੰਬੇ ਸਮੇਂ ਤੋਂ ਲਟਕ ਰਹੀ ਹੈ ਅਤੇ ਅਜਿਹਾ ਕੋਈ ਫੈਸਲਾ ਪੂਰੀ ਤਰ੍ਹਾਂ ਨਾਲ ਸੋਚ-ਵਿਚਾਰ ਤੋਂ ਬਾਅਦ ਲਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਾਰੇ ਭਾਗੀਦਾਰਾਂ ਤੋਂ ਢੁੱਕਵਾਂ ਫੀਡਬੈਕ ਲੈਣਾ ਚਾਹੀਦਾ ਹੈ ਅਤੇ ਇਸ ਹਫ਼ਤੇ ਤੱਕ ਆਪਣੀ ਰਿਪੋਰਟ ਉਨ੍ਹਾਂ ਨੂੰ ਸੌਂਪਣੀ ਚਾਹੀਦੀ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਕੁਲੈਕਟਰ ਰੇਟ ਦੀ ਸਮੀਖਿਆ ਲਈ ਮੁੱਢਲੇ ਨਿਯਮਾਂ ਨੂੰ ਹਰ ਕੀਮਤ ‘ਤੇ ਆਮ ਲੋਕਾਂ ਦੇ ਹਿੱਤ ਵਿੱਚ ਰੱਖ ਕੇ ਲਾਗੂ ਕਰਨਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਰੇ ਐਸ.ਡੀ.ਐਮ. ਸਹਿਬਾਨ ਅਤੇ ਮਾਲ ਅਫਸਰਾਂ ਤੋਂ ਰਿਪੋਰਟ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਰਿਪੋਰਟ ਤਿਆਰ ਕਰੇਗਾ ਅਤੇ ਲੋੜੀਂਦੀ ਕਾਰਵਾਈ ਹਿੱਤ ਸੂਬਾ ਸਰਕਾਰ ਨੂੰ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਮੁੱਢਲੀ ਮੀਟਿੰਗ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰਿਪੋਰਟ ਨੂੰ ਕੰਪਾਈਲ ਕੀਤਾ ਜਾਵੇਗਾ।
ਸ਼ਰਮਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਲਾਜ਼ਮੀ ਤੌਰ ‘ਤੇ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਅਗਲੀ ਲੋੜੀਂਦੀ ਕਾਰਵਾਈ ਲਈ ਰਿਪੋਰਟ ਨੂੰ ਸਮੇਂ ਸਿਰ ਪੇਸ਼ ਕੀਤਾ ਜਾਵੇ।
ਇਸ ਮੌਕੇ ਪ੍ਰਮੁੱਖ ਤੌਰ ‘ਤੇ ਐਸ.ਡੀ.ਐਮ. ਸਹਿਬਾਨ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਡਾ ਬਲਜਿੰਦਰ ਸਿੰਘ ਢਿੱਲੋਂ, ਮਨਕੰਵਲ ਸਿੰਘ ਚਾਹਲ, ਗੀਤਿਕਾ ਸਿੰਘ, ਹਰਬੰਸ ਸਿੰਘ, ਡਾ ਹਿਮਾਂਸ਼ੂ ਗੁਪਤਾ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।