ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਦਾਣਾ ਮੰਡੀਆਂ ‘ਚ ਭੀੜ ਨੂੰ ਘਟਾਉਣ ਲਈ 200 ਵਾਧੂ ਖਰੀਦ ਕੇਂਂਦਰ ਬਣਾਏ ਜਾਣਗੇ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਨਿਊਜ਼ ਪੰਜਾਬ 

ਲੁਧਿਆਣਾ, 06 ਅਪ੍ਰੈਲ  – ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਕਣਕ ਦੀ ਨਿਰਵਿਘਨ ਖਰੀਦ ਲਈ ਅਨਾਜ ਮੰਡੀਆਂ ਵਿਚ ਭੀੜ ਨੂੰ ਰੋਕਣ ਦੇ ਇਕ ਹੋਰ ਵੱਡੇ ਫੈਸਲੇ ਤਹਿਤ ਪ੍ਰਸ਼ਾਸਨ ਨੇ ਮੌਜੂਦਾ 108 ਮੰਡੀਆਂ ਦੇ ਨਾਲ ਵਾਧੂ ਖਰੀਦ ਕੇਂਦਰ ਬਣਾ ਕੇ ਜ਼ਿਲ੍ਹੇ ਵਿਚ ਖਰੀਦ ਕੇਂਦਰਾਂ ਵਿਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਫੈਸਲਾ ਅਨਾਜ ਮੰਡੀਆਂ ਵਿੱਚ ਖਰੀਦ ਕਾਰਜਾਂ ਦੌਰਾਨ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਮਿੱਲਾਂ ਵਿੱਚ ਅਸਥਾਈ ਯਾਰਡ ਦੀ ਵਰਤੋਂ ਕਰਕੇ ਲਗਭਗ 200 ਵਾਧੂ ਖਰੀਦ ਕੇਂਦਰ ਬਣਾਏ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁੱਖ ਅਨਾਜ ਮੰਡੀਆਂ ਵਿੱਚ ਜਿਆਦਾ ਭੀੜ ਨਾ ਬਣੇ। ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਪਵੇਗੀ ਜਿਸ ਲਈ ਇਨ੍ਹਾਂ ਵਾਧੂ ਖਰੀਦ ਕੇਂਦਰਾਂ ਦੀ ਖਰੀਦ ਲਈ ਵਰਤੋਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਇਹ ਦ੍ਰਿੜ ਵਚਨਬੱਧਤਾ ਹੈ ਕਿ ਮੰਡੀਆਂ ਨੂੰ ਕੋਵਿਡ ਮੁਕਤ ਰੱਖਦਿਆਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ 10 ਅਪ੍ਰੈਲ, 2021 ਤੋਂ ਸ਼ੁਰੂ ਹੋਵੇਗੀ ਅਤੇ 31 ਮਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਲਗਭਗ 9 ਲੱਖ ਮੀਟ੍ਰਿਕ ਟਨ ਅਨਾਜ ਦੀ ਆਮਦ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਅਨਾਜ ਗਰਿੱਡ ਦੀ ਖਰੀਦ ਲਈ 30×30 ਫੁੱਟ ਦੇ ਦਾਇਰੇ ਦੀ ਨਿਸ਼ਾਨਦੇਹੀ ਕੀਤੀ ਗਈ ਹੈ, ਜਿਸ ਵਿੱਚ ਹਰ ਕਿਸਾਨ ਆਪਣੀ ਫ਼ਸਲ ਨੂੰ ਉਤਾਰਨਗੇ ਤਾਂ ਜੋ ਸਮਾਜਕ ਦੂਰੀ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਕਿਸਾਨਾਂ, ਮਜ਼ਦੂਰਾਂ ਅਤੇ ਹੋਰਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਪ੍ਰਬੰਧਾਂ ਦਾ ਨਿੱਜੀ ਤੌਰ ‘ਤੇ ਨੀਰੀਖਣ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ.ਸੁਖਵਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਇੱਕ ਟੀਮ ਨੇ ਫੂਡ ਇੰਸਪੈਕਟਰ ਸ.ਜਸਵਿੰਦਰ ਸਿੰਘ ਪੰਧੇਰ ਅਤੇ ਹੋਰਾਂ ਨਾਲ ਮੁੱਲਾਂਪੁਰ ਅਨਾਜ ਮੰਡੀ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।