ਲੁਧਿਆਣਾ ਦੀਆਂ ਮੰਡੀਆਂ ‘ਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਹੁਣ ਤੱਕ 85 ਪ੍ਰਤੀਸ਼ਤ ਖਰੀਦੀ ਜਾ ਚੁੱਕੀ ਹੈ ਕਣਕ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਨਿਊਜ਼ ਪੰਜਾਬ 

ਲੁਧਿਆਣਾ, 15 ਅਪ੍ਰੈਲ  – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਵਿੱਚ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਜਾਰੀ ਹੈ ਜਿਸਦੇ ਤਹਿਤ ਜ਼ਿਲ੍ਹੇ ਵਿੱਚ ਹੁਣ ਤੱਕ ਅਨਾਜ ਮੰਡੀਆਂ ਵਿੱਚੋਂ 85 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਵੀ ਖਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੋਵੀਡ-19 ਮਹਾਂਮਾਰੀ ਦੇ ਮੌਜੂਦਾ ਹਾਲਤਾਂ ਦੇ ਬਾਵਜੂਦ ਸੂਬਾ ਸਰਕਾਰ ਦੀ ਕਿਸਾਨਾਂ ਦੀ ਸਹੂਲਤ ਲਈ ਦ੍ਰਿੜ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਦੇ ਪੀਲੇ ਸੋਨੇ ਦੀ ਤੁਰੰਤ ਖਰੀਦ ਕੀਤੀ ਜਾਵੇ ਅਤੇ ਉਨ੍ਹਾ ਨੂੰ ਕਿਸੇ ਵੀ ਤਰ੍ਹਾਂ ਦੀ ਉਡੀਕ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਮੁੱਚੇ ਖਰੀਦ ਕਾਰਜਾਂ ਵਿੱਚ ਅਣਗਹਿਲੀ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਤੱਕ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 63757 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਜਿਸ ਵਿੱਚੋਂ 53956 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕਣਕ ਦੀ ਕੁੱਝ ਮਾਤਰਾ ਵਿੱਚ ਨਿਰਧਾਰਤ ਸੀਮਾ ਤੋਂ ਜ਼ਿਆਦਾ ਨਮੀ ਪਾਈ ਗਈ, ਜੋਕਿ ਦਾਣੇ ਸਹੀ ਤਰ੍ਹਾਂ ਸੁੱਕ ਜਾਣ ਤੋਂ ਬਾਅਦ ਹੀ ਖਰੀਦ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਦੀ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਬਿਨਾਂ ਕਿਸੇ ਦੇਰੀ ਚੁੱਕਿਆ ਜਾਵੇ ਅਤੇ ਨਾਲ ਹੀ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਅਨਾਜ ਮੰਡੀਆਂ ਵਿੱਚ ਸਮਾਜਕ ਦੂਰੀ ਬਣਾਈ ਰੱਖੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਨੂੰ ਹੱਥ ਧੋਣ ਲਈ ਪਾਣੀ, ਸਾਬਣ, ਮਾਸਕ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਡੀ.ਸੀ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਤੁਰੰਤ ਅਤੇ ਸਮੇਂ ਸਿਰ ਖਰੀਦ ਲਈ ਅਨਾਜ ਮੰਡੀਆਂ ਵਿੱਚ ਸਿਰਫ ਸੁੱਕੀ ਕਣਕ ਹੀ ਲਿਆਉਣ।