ਅੱਜ ਫਿਰ ਲੁਧਿਆਣਾ ਚ ਕਰੋਨਾ ਦਾ ਵੱਡਾ ਬਲਾਸਟ – 1605 ਨਵੇਂ ਕੇਸ , 17 ਮੌਤਾਂ
ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 7176 ਸੈਂਪਲ ਲਏ
– ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.41% ਹੋਈ
ਲੁਧਿਆਣਾ, 02 ਮਈ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 7176 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 57590 ਮਰੀਜ਼ਾਂ ਵਿਚੋਂ 80.41% (46310 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 7176 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 9870 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 46310 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 1605 ਮਰੀਜ਼ (1404 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 201 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1003033 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1002636 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 936771 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 397 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 57590 ਹੈ, ਜਦਕਿ 8275 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 28 ਮੌਤਾਂ ਦੀ ਪੁਸ਼ਟੀ ਹੋਈ ਹੈ (17 ਜ਼ਿਲ੍ਹਾ ਲੁਧਿਆਣਾ, 1 ਮੋਹਾਲੀ, 1 ਫਾਜਿਲਕਾ, 1 ਰੋਪੜ, 1 ਹੁਸ਼ਿਆਰਪੁਰ, 1 ਪਟਿਆਲਾ, 1 ਰਾਜ ਦਿੱਲੀ, 3 ਰਾਜ ਹਰਿਆਣਾ ਅਤੇ 2 ਰਾਜ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1410 ਅਤੇ 715 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।