ਪੀ.ਵਾਈ.ਡੀ.ਬੀ. ਵੱਲੋਂ ਹੁਣ ਤੱਕ ਸਫਲਤਾਪੂਰਵਕ 33 ਟੀਕਾਕਰਨ ਕੈਂਪ ਲਗਾਏ ਗਏ – ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਨਿਊਜ਼ ਪੰਜਾਬ 

ਲੁਧਿਆਣਾ, 06 ਮਈ – ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਵਾਈ.ਡੀ.ਬੀ. ਵੱਲੋਂ ਹੁਣ ਤੱਕ ਸਫਲਤਾਪੂਰਵਕ 33 ਟੀਕਾਕਰਨ ਕੈਂਪ ਲਗਾਏ ਹਨ। ਉਨ੍ਹਾਂ ਦੱਸਿਆ ਕਿ ਉਹ ਸੂਬੇ ਭਰ ਦੇ ਸਾਰੇ ਪੀ.ਵਾਈ.ਡੀ.ਬੀ. ਮੈਂਬਰਾਂ ਅਤੇ ਯੂਥ ਕਲੱਬਾਂ ਨੂੰ ਆਪੋ ਆਪਣੇ ਖੇਤਰਾਂ ਵਿੱਚ ਅਜਿਹੇ ਕੈਂਪ ਲਗਾਉਣ ਲਈ ਪ੍ਰੇਰਿਤ ਕਰ ਰਹੇ ਹਨ ਤਾਂ ਜੋ ਅਸੀਂ ਆਪਣੇ ਸਮਾਜ ਵਿੱਚੋਂ ਕੋਵਿਡ-19 ਮਹਾਂਮਾਰੀ ਨੂੰ ਜੜ੍ਹੋਂ ਖ਼ਤਮ ਕਰ ਸਕੀਏੇ।

ਟੀਕਾਕਰਣ ਮੁਹਿੰਮ ਨੂੰ ਤੇਜ਼ ਕਰ ਕੇ ਕੋਵਿਡ-19 ਮਹਾਂਮਾਰੀ ਦੇ ਵਿਰੁੱਧ ਜੰਗ ਵਿਚ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦਿਆਂ, ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਪੀ.ਵਾਈ.ਡੀ.ਬੀ. ਹੁਣ ਤੱਕ ਜ਼ਿਲ੍ਹੇ ਵਿਚ ਕੁਲ 33 ਕੋਵਿਡ-19 ਟੀਕਾਕਰਨ ਕੈਂਪ ਲਗਾ ਚੁੱਕਾ ਹੈ।

ਅੱਜ ਸ੍ਰੀ ਬਿੰਦਰਾ ਨੇ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਅਤੇ ਦੁੱਗਰੀ ਵਿਖੇ ਅਜਿਹੇ 2 ਕੈਂਪਾਂ ਦਾ ਉਦਘਾਟਨ ਕੀਤਾ ਜਦਕਿ ਇੱਕ-ਇੱਕ ਕੈਂਪ ਅਮ੍ਰਿਤਸਰ ਤੇ ਮੋਹਾਲੀ ਵਿਖੇ ਵੀ ਲਗਾਇਆ।

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਵਾਈ.ਡੀ.ਬੀ. ਸਾਰੇ ਯੋਗ ਲੋਕਾਂ ਨੂੰ  ਕੋਵਿਡ-19 ਟੀਕੇ ਦੀ ਖੁਰਾਕ ਦਿਵਾਉਣ ਲਈ ਠੋਸ ਯਤਨ ਕਰ ਰਿਹਾ ਹੈ ਅਤੇ ਪੀ.ਵਾਈ.ਡੀ.ਬੀ. ਜਲਦ ਤੋਂ ਜਲਦ ਯੋਗ ਲੋਕਾਂ ਦੀ ਕਵਰੇਜ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ।

ਚੇਅਰਮੈਨ ਨੇ ਕਿਹਾ ਕਿ ਸਿਰਫ ਤੇਜ਼ ਟੀਕਾਕਰਨ ਮੁਹਿੰਮ ਰਾਹੀਂ ਇਸ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਸਕਦਾ ਹੈ, ਜਿਸ ਦੇ ਨਤੀਜੇ ਵਜੋਂ ਕੋਰੋਨਾ ਦੀ ਪਸਾਰ ਲੜੀ ਨੂੰ ਤੋੜਿਆਂ ਜਾਂਦਾ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਹਮੇਸ਼ਾਂ ਪੀ.ਵਾਈ.ਡੀ.ਬੀ. ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਈ ਭਲਾਈ ਸਕੀਮਾਂ ਵਿੱਚ ਪੰਜਾਬ ਸਰਕਾਰ ਦੀ ਅਗਵਾਈ ਕੀਤੀ।