ਘਰ ‘ਚ ਰਹਿ ਕੇ ਲੁਧਿਆਣਾ ਨੂੰ ਬਣਾਓ ਕੋਰੋਨਾ ਮੁਕਤ – ਸਿਵਲ ਸਰਜਨ ਲੁਧਿਆਣਾ

ਨਿਊਜ਼ ਪੰਜਾਬ 

ਲੁਧਿਆਣਾ, 06 ਮਈ  – ਕੋਰੋਨਾ ਮਹਾਂਮਾਰੀ ਦੀ ਰੋਕਥਾਮ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਲੁਧਿਆਣਾ ਦਾ ਸਿਹਤ ਵਿਭਾਗ ਦਿਨ-ਰਾਤ ਮਿਹਨਤ ਕਰ ਰਿਹਾ ਹੈ ਅਤੇ ਨਾਲ ਹੀ ਵਿਭਾਗ ਵੱਲੋਂ ਲੋਕਾਂ ਨੂੰ ਘਰਾਂ ਵਿਚ ਰਹਿਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਵੀ ਅਪੀਲ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਸੰਬੰਧੀ ਸਾਵਧਾਨੀ ਦੇ ਉਪਾਵਾਂ ਬਾਰੇ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ, ਬਾਵਜੂਦ ਇਸਦੇ ਲੋਕ ਦਿਸ਼ਾ-ਨਿਰਦੇਸ਼ਾਂ ਦਾ ਸਹੀ ਢੰਗ ਨਾਲ ਪਾਲਣ ਨਹੀਂ ਕਰ ਰਹੇ। ਡਾ. ਕਿਰਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਲਈ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਚੇਨ ਤੋੜਨ ਲਈ ਪੰਜਾਬ ਸਰਕਾਰ ਦੀਆਂ ਤਾਜ਼ਾ ਹਦਾਇਤਾਂ ਅਨੁਸਾਰ ਅੰਸ਼ਕ ਤੌਰ ਤੇ ਤਾਲਾਬੰਦੀ ਘੋਸ਼ਿਤ ਕੀਤੀ ਗਈ ਹੈ, ਜਿਸ ਵਿਚ ਸਿਰਫ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਚਲਾਉਣ ਦੀ ਆਗਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਬਾਹਰੀ ਰਾਜਾ ਤੋਂ ਆਉਣ ਵਾਲੇ ਵਿਅਕਤੀਆ ਲਈ 72 ਘੰਟੇ ਪਹਿਲਾ ਦੀ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਨਾਲ ਹੀ ਦਾਖਲ ਹੋਣ ਦੀ ਇਜਾਜਤ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਜਾਰੀ ਹਦਾਇਤਾਂ ਅਨੁਸਾਰ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਮਿਸ਼ਨ ਫਤਿਹ ਤਹਿਤ ਅਸੀਂ ਪੰਜਾਬ ਨੂੰ ਇੱਕ ਕੋਰੋਨਾ ਮੁਕਤ ਰਾਜ ਬਣਾਉਣ ਵੱਲ ਕੰਮ ਕਰ ਰਹੇ ਹਾਂ, ਪਰ ਕੋਈ ਵੀ ਇਕੱਲੇ ਕੁਝ ਨਹੀਂ ਕਰ ਸਕਦਾ ਅਤੇ ਸਾਨੂੰ ਸਾਰੇ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾ ਕਿਹਾ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਮਾਸ ਮੀਡੀਆ ਟੀਮਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਯਤਨ ਕਰ ਰਹੀਆਂ ਹਨ, ਕਿਉਂਕਿ ਜਾਗਰੂਕਤਾ ਇਸ ਬਿਮਾਰੀ ਦੇ ਫੈਲਣ ਤੋਂ ਰੋਕਣ ਦੀ ਕੁੰਜੀ ਹੈ. ਡਾ. ਕਿਰਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਹੀ ਰਹਿਣ, ਅਕਸਰ ਹੱਥ ਧੋਣ, ਸਮਾਜਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਾਉਣ. ਉਨ੍ਹਾਂ ਕਿਹਾ, ਇਹ ਔਖੀ ਘੜੀ ਸਾਰਿਆਂ ਦੇ ਸਹਿਯੋਗ ਨਾਲ ਜਲਦ ਖਤਮ ਹੋ ਜਾਵੇਗੀ।