ਕੋਰੋਨਾ ਲੁਧਿਆਣਾ :- ਅੱਜ ਦੇ ਨਵੇਂ ਕੇਸ 1470 ਤੇ 30 ਮੌਤਾਂ
ਨਿਊਜ਼ ਪੰਜਾਬ
ਲੁਧਿਆਣਾ, 10 ਮਈ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 8305 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 68465 ਮਰੀਜ਼ਾਂ ਵਿਚੋਂ 81.34% (55691 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 8305 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 55691 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 1595 ਮਰੀਜ਼ (1470 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 125 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1079669 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1079259 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1001640 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 410 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 68465 ਹੈ, ਜਦਕਿ 9154 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 46 ਮੌਤਾਂ ਦੀ ਪੁਸ਼ਟੀ ਹੋਈ ਹੈ (30 ਜ਼ਿਲ੍ਹਾ ਲੁਧਿਆਣਾ, 4 ਫਤਿਹਗੜ੍ਹ ਸਾਹਿਬ, 2 ਸੰਗਰੂਰ, 1 ਮਾਨਸਾ, 1 ਮੋਗਾ, 1 ਬਰਨਾਲਾ, 1 ਯੂ.ਟੀ. ਚੰਡੀਗੜ੍ਹ, 1 ਰਾਜ ਹਰਿਆਣਾ, 1 ਉੱਤਰ ਪ੍ਰਦੇਸ਼, 1 ਜੰਮੂ ਤੇ ਕਸ਼ਮੀਰ ਅਤੇ 3 ਰਾਜ ਦਿੱਲੀ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1580 ਅਤੇ 802 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।