ਕੋਵਿਡ-19 ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਦੇ ਸਰਪੰਚਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
ਨਿਊਜ਼ ਪੰਜਾਬ
ਤਰਨ ਤਾਰਨ, 18 ਮਈ :
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵਰਚੂਅਲ ਸਮਾਗਮ ਦੌਰਾਨ ਕੋਵਿਡ-19 ਮਹਾਂਮਾਰੀ ‘ਤੇ ਫਤਿਹ ਪਾਉਣ ਲਈ ਪਿੰਡਾਂ ਦੇ ਸਰਪੰਚਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਪਿੰਡ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡਾਂ ਦੇ ਸਰਪੰਚਾਂ ਨੂੰ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੀਆਂ ਪੰਚਾਇਤਾਂ 100 ਫੀਸਦੀ ਵੈਕਸੀਨੇਸ਼ਨ ਕਰਵਾਉਣਗੀਆਂ, ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਵਿਸੇਸ਼ ਗ੍ਰਾਂਟ ਦਿੱਤੀ ਜਾਵੇਗੀ ।
ਇਸ ਮੌਕੇ ਉਹਨਾਂ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਕੋਵਿਡ-19 ਸਬੰਧੀ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਨ ।ਉਨਾਂ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਵਿਅਕਤੀ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਲੋੜਵੰਦ ਵਿਅਕਤੀ ਕਰੋਨਾ ਪਾਜ਼ੇਟਿਵ ਹੁੰਦਾ ਹੈ ਤਾਂ ਉਸ ਨੂੰ ਭੋਜਨ ਦੀ ਕਿੱਟ ਵੀ ਪੰਜਾਬ ਸਰਕਾਰ ਮੁਹੱਈਆ ਕਰਵਾਏਗੀ, ਤਾਂ ਜੋ ਭੋਜਨ ਪੱਖੋ ਬੇਫਿਕਰ ਹੋ ਕੇ ਇਕਾਂਤਵਾਸ ਵਿੱਚ ਰਹਿ ਕੇ ਆਪਣਾ ਇਲਾਜ ਕਰਵਾ ਸਕੇ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਅਤੇ ਆਕਸੀਜਨ ਦੇ ਨਾਲ-ਨਾਲ ਵੈਕਸੀਨ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ, ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਰਾਜ ਦੇ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ।
ਸਮਾਗਮ ਦੌਰਾਨ ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਜਲਦੀ ਟੈਸਟ ਹੋ ਜਾਵੇ ਅਤੇ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਕੇਸ ਵਿਗੜਦਾ ਨਹੀਂ ਹੈ ਅਤੇ ਲੋਕ ਆਪਣੇ ਘਰ ਵਿੱਚ ਹੀ ਰਹਿ ਕੇ ਠੀਕ ਹੋ ਸਕਦੇ ਹਨ। ਪਰ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਹਿਰ ਡਾਕਟਰ ਤੋਂ ਹੀ ਦਵਾਈ ਲੈਣ ਅਤੇ ਆਪਣੇ ਆਪ ਲਈਆਂ ਦਵਾਈਆਂ ਨੁਕਸਾਨ ਕਰਦੀਆਂ ਹਨ। ਉਹਨਾਂ ਕਿਹਾ ਕਿ ਪੰਚਾਇਤਾਂ ਦੇ ਸਹਿਯੋਗ ਬਿਨਾਂ ਕੋਵਿਡ-19 ਮਹਾਂਮਰੀ ਵਿਰੁੱਧ ਲੜਾਈ ਜਿੱਤੀ ਨਹੀਂ ਜਾ ਸਕਦੀ।
ਇਸ ਮੌਕੇ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਸਰਕਾਰ ਵੱਲੋਂ ਕੋਵਿਡ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲੇ ਪੰਚਾਇਤਾਂ ਨਾਲ ਸਾਂਝੇ ਕੀਤੇ। ਡਾ. ਕੇ. ਕੇ. ਤਲਵਾਰ ਨੇ ਇਸ ਪ੍ਰੋਗਰਾਮ ਦੀ ਪੂਰੀ ਰੂਪ-ਰੇਖਾ ਪੰਚਾਇਤਾਂ ਨਾਲ ਸਾਂਝੀ ਕੀਤੀ।
ਸਮਾਗਮ ਵਿੱਚ ਜ਼ਿਲ੍ਹਾ ਪ੍ਰਬਧੰਕੀ ਕੰਪਲੈਕਸ ਤਰਨ ਤਾਰਨ ਤੋਂ ਆੱਨਲਾਈਨ ਤਰੀਕੇ ਨਾਲ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਖਿਲਾਫ਼ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਵਿੱਚ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਮਨ ਐੱਚ ਨਿੰਬਾਲੇ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਜਗਤਾਰ ਸਿੰਘ ਬੁਰਜ ਅਤੇ ਯੂਥ ਕਾਂਗਰਸ ਆਗੂ ਸ੍ਰੀ ਹਰਮਨ ਸੇਖੋਂ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਲੇ ਵਿੱਚ ਕੋਵਿਡ-19 ਮਹਾਂਮਾਰੀ ‘ਤੇ ਕਾਬੂ ਪਾਉਣ ਨਿਰੰਤਰ ਕੰਮ ਕਰ ਰਿਹਾ ਹੈ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਲੱਛਣ ਹੋਣ ‘ਤੇ ਉਹ ਬਿਨਾਂ ਦੇਰੀ ਤੋਂ ਆਪਣਾ ਟੈਸਟ ਕਰਵਾਉਣ ਤਾਂ ਜੋ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਕਿਹਾ ਕਿ ਲੋਕ ਕੋਵਿਡ-19 ਦੀ ਵੈਕਸੀਨ ਵੀ ਜ਼ਰੂਰ ਲਗਵਾਉਣ, ਜੋ ਕਿ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਇਸ ਵਰਚੂਅਲ ਸਮਾਗਮ ਦੌਰਾਨ ਜ਼ਿਲੇ ਵਿੱਚ ਪਿੰਡ ਪੱਧਰ, ਬਲਾਕ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ 62 ਥਾਂਵਾਂ ਤੋਂ ਪਿੰਡਾਂ ਦੇ ਸਰਪੰਚਾਂ ਨੇ ਸ਼ਿਰਕਤ ਕੀਤੀ ਅਤੇ ਆੱਨਲਾਈਨ ਮਾਧਿਅਮ ਰਾਹੀਂ ਮੁੱਖ ਮੰਤਰੀ ਪੰਜਾਬ ਦਾ ਕੋਵਿਡ-19 ਮਹਾਂਮਾਰੀ ਨੂੰ ਫਤਿਹ ਕਰਨ ਦਾ ਸੁਨੇਹਾ ਘਰ-ਘਰ ਪਹੰੁਚਾਇਆ ਗਿਆ।