ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਨੂੰ ਗਲਵੱਕੜੀ ਨਾ ਪਾਓ-
ਲੁਧਿਆਣਾ ,18 ਮਾਰਚ ( ਰਾਜਿੰਦਰ ਸਿੰਘ – ਨਿਊਜ਼ ਪੰਜਾਬ ) – ਜਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਿਹਤ ਸਲਾਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।
ਦੱਸਣਯੋਗ ਹੈ ਕਿ ਸਿਹਤ ਸਲਾਹ ਵਿੱਚ ਦੱਸਿਆ ਗਿਆ ਕਿ ਕਿਸੇ ਨਾਲ ਹੱਥ ਨਾ ਮਿਲਾਓ, ਕਿਸੇ ਨੂੰ ਗਲਵੱਕੜੀ ਨਾ ਪਾਓ, ਖੁੱਲੇ ਵਿੱਚ ਨਾ ਥੁੱਕੋ, ਜਿਸ ਵਿਅਕਤੀ ਨੂੰ ਬੁਖਾਰ ਹੈ ਉਸਨੂੰ ਭੀੜ ਵਿੱਚ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਅਤੇ ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਵਿਅਕਤੀ ਤੋਂ ਲਗਭਗ 1 ਮੀਟਰ ਦੀ ਦੂਰੀ ਰੱਖੋ। ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਤਾਂ ਉਸ ਨੂੰ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਜਿਸ ਵਿਅਕਤੀ ਨੂੰ ਖੰਘ ਜਾਂ ਬੁਖਾਰ ਹੈ ਉਸ ਨੂੰ ਲਾਜਮੀ ਤੌਰ ਤੇ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਰਿਪੋਰਟ ਕਰਨੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੇ ਪਿਛਲੇ 14 ਦਿਨਾਂ ਦੌਰਾਨ ਚੀਨ, ਨੇਪਾਲ ਦੀ ਯਾਤਰਾ ਕੀਤੀ ਹੋਵੇ ਤਾਂ ਉਸ ਨੂੰ 14 ਦਿਨਾਂ ਲਈ ਘਰ ਵਿੱਚ ਅਲੱਗ ਰੱਖਿਆ ਜਾਣਾ ਚਾਹੀਦਾ ਹੈ ਅਤੇ ਕਿਸੇ ਭੀੜ ਵਾਲੇ ਸਥਾਨ ‘ਤੇ ਨਹੀਂ ਜਾਣਾ ਚਾਹੀਦਾ। ਸਿਹਤਮੰਦ ਵਿਅਕਤੀ ਜਿਸਨੂੰ ਖੰਘ, ਬੁਖਾਰ ਨਹੀਂ ਹੈ, ਨੂੰ ਮਾਸਕ ਦੀ ਜਰੂਰਤ ਨਹੀਂ ਹੈ। ਉਨਾਂ ਦੱਸਿਆ ਕਿ ਕੋਈ ਵੀ ਸੰਕੇਤ ਅਤੇ ਲੱਛਣ (ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਮੁਸ਼ਕਲ) ਵਾਲੇ ਸੂਬਾ ਪੱਧਰੀ ਹੈੱਲਪਲਾਈਨ ਨੰਬਰ 104, ਜ਼ਿਲਾ ਲੁਧਿਆਣਾ ਲਈ ਹੈਲਪਲਾਈਨ ਨੰਬਰ 0161-2444193 ਜਾਂ ਡਾ: ਦਿਵਜੋਤ ਸਿੰਘ ਨੂੰ 9041274030 ਜਾਂ ਡਾਕਟਰ ਰਮੇਸ਼ ਕੁਮਾਰ ਨੂੰ 9855716180 ‘ਤੇ ਕਾਲ ਕਰ ਸਕਦੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਬਿਮਾਰੀ ਇਲਾਜ਼ਯੋਗ ਹੈ ਅਤੇ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਜੇਕਰ ਭਵਿੱਖ ਵਿੱਚ ਜ਼ਿਲਾ ਲੁਧਿਆਣਾ ਵਿੱਚ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਵੀ ਹੈ ਤਾਂ ਜ਼ਿਲਾ ਪ੍ਰਸਾਸ਼ਨ ਵੱਲੋਂ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।