ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ
ਨਿਊਜ਼ ਪੰਜਾਬ
ਚੰਡੀਗੜ੍ਹ/ਲੁਧਿਆਣਾ, 29 ਜੂਨ:
ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਰੱਖ ਬਾਗ਼ ਵਿਖੇ ਸਥਾਨਕ ਸ਼ੂਟਿੰਗ ਰੇਂਜ ਵਿੱਚ ਇੱਕ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕੀਤਾ।
ਇਸ ਮੁਕਾਬਲੇ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੀਵਾਈਡੀਬੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਜਾ ਰਿਹਾ ਹੈ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ ਅਤੇ ਆਪਣੇ ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕਰ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਜੋ ਪੰਜਾਬ ਨੂੰ ਖੇਡਾਂ ਪੱਖੋਂ ਦੇਸ਼ ਦਾ ਮੁੱਖ ਕੇਂਦਰ ਬਣਾਇਆ ਜਾ ਸਕੇ।
ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਾਂ ਖੇਡਣ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਵਿਸ਼ਵ ਭਰ ਦੇ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਸਕਣ।
ਚੇਅਰਮੈਨ ਨੇ ਲੁਧਿਆਣਾ ਦੇ ਸੂਬਾ ਪੱਧਰੀ ਸੋਨ ਤਗਮਾ ਜੇਤੂ ਪੈਰਾ-ਸ਼ੂਟਰ ਅਮਨਦੀਪ ਸਿੰਘ ਨੂੰ 11000 ਰੁਪਏ ਦਾ ਚੈੱਕ ਸੌਂਪਿਆ ਅਤੇ ਉਸ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਮਨਦੀਪ ਨੇ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।
ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਖਿਡਾਰੀਆਂ ਨੂੰ ਵਿਸ਼ੇਸ਼ ਗੁਣਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਉਨ੍ਹਾਂ ਵਿਚੋਂ ਇਕ ਟੀਮ ਭਾਵਨਾ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰ ਸਕਦੀ ਹੈ।
ਉਹਨਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਨੂੰ ਇਸ ਮੈਗਾ-ਈਵੈਂਟ ਵਿਚ ਵੱਡੇ ਪੱਧਰ ‘ਤੇ ਹਿੱਸਾ ਲੈਣ ਲਈ ਕਿਹਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਅਤੇ ਕੋਚ ਗੁਰਜੀਤ ਸਿੰਘ, ਪ੍ਰਿਆ, ਹਰਵੀਨ ਸਿੰਘ, ਗੁਰਵਿੰਦਰ ਸਿੰਘ ਜੌਲੀ, ਦੇਵ ਅਗਰਵਾਲ ਅਤੇ ਨਿਤਿਨ ਟੰਡਨ ਸ਼ਾਮਲ ਸਨ।