ਪੰਜਾਬ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ: ਮੁੱਖ ਸਕੱਤਰ
ਨਿਊਜ਼ ਪੰਜਾਬ
ਚੰਡੀਗੜ੍ਹ, 5 ਜੁਲਾਈ:
ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ।
ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ।
ਇਸ ਸਬੰਧੀ ਫੈਸਲਾ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।
ਉਹਨਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।
ਉਹਨਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ।
ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।
ਉਹਨਾਂ ਸਿਹਤ ਵਿਭਾਗ ਨੂੰ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ।
ਇਸ ਤੋਂ ਇਲਾਵਾ, ਪੰਜਾਬ ਸਿਹਤ ਸੇਵਾਵਾਂ ਨਿਗਮ (ਪੀਐਚਐਸਸੀ) ਨੂੰ 2017 ਤੋਂ ਬਾਅਦ ਖਰੀਦੀਆਂ ਐਂਬੂਲੈਂਸਾਂ ਸਮੇਤ 270 ਐਂਬੂਲੈਂਸਾਂ ਦੀ ਫਲੀਟ ਤਿਆਰ ਕਰਨ ਅਤੇ ਵਰਤੋਂ ਲਈ ਅਯੋਗ ਪੁਰਾਣੀਆਂ ਐਂਬੂਲੈਂਸਾਂ ਨੂੰ ਨਕਾਰਾ ਕਰਨ ਦੀ ਹਦਾਇਤ ਕੀਤੀ ਗਈ।
ਵਾਇਰਸ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਸਿਹਤ ਸਟਾਫ਼, ਉਨ੍ਹਾਂ ਦੀ ਉਚਿਤ ਸਿਖਲਾਈ ਅਤੇ ਲੋੜੀਂਦੇ ਉਪਕਰਣਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੀ.ਐੱਚ.ਸੀ., ਪੀ.ਐਚ.ਸੀ ਅਤੇ ਟਰਾਮਾ ਸੈਂਟਰਾਂ ਵਾਲੀਆਂ ਨਵੀਆਂ ਸਿਹਤ ਸੰਸਥਾਵਾਂ ਸਥਾਪਤ ਕਰਨ ਦਾ ਕਾਰਜ ਜਲਦ ਹੀ ਮੁਕੰਮਲ ਕੀਤਾ ਜਾਵੇਗਾ ।
ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਗਰੂਰ ਦੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਦੇ ਏਮਜ਼ ਵਿਖੇ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਹ ਮੁੱਦਾ ਕੇਂਦਰ ਕੋਲ ਉਠਾਉਣ ਤਾਂ ਜੋ ਉਨ੍ਹਾਂ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਇੰਨਾਂ ਸੰਸਥਾਵਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।
ਸ਼ਨੀਵਾਰ ਨੂੰ ਆਯੋਜਿਤ ਸਮੂਹਿਕ ਟੀਕਾਕਰਨ ਮੁਹਿੰਮ ਦੌਰਾਨ ਇੱਕ ਦਿਨ ਵਿੱਚ 6 ਲੱਖ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਗਤੀ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ।
ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੁਣ ਤੱਕ 7,212,629 ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੇ ਹਰੇਕ ਯੋਗ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐੱਚ.ਐੱਸ. ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਸ਼ਾਮਲ ਸਨ।