ਡਿਪਟੀ ਕਮਿਸ਼ਨਰ – ਜ਼ਿਲ੍ਹਾ ਲੁਧਿਆਣਾ ਵਿੱਚ 87230 ਮਰੀਜ਼ਾਂ ਵਿਚੋਂ 85007 ਕੋਵਿਡ ਪੋਜ਼ਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਹੋਏ – ਅੱਜ ਫੇਰ 9678 ਸੈਂਪਲ ਲਏ
-ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.45% ਹੋਈ
ਡਾ. ਗੁਰਪ੍ਰੀਤ ਸਿੰਘ – ਨਿਊਜ਼ ਪੰਜਾਬ
ਲੁਧਿਆਣਾ, 18 ਜੁਲਾਈ – ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 9678 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 87230 ਮਰੀਜ਼ਾਂ ਵਿਚੋਂ 97.45% (85007 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 9678 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 130 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 87230 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁੱਲ 10 ਮਰੀਜ਼ (9 ਜ਼ਿਲ੍ਹਾ ਲੁਧਿਆਣਾ ਤੋਂ ਅਤੇ 1 ਬਾਹਰਲੇ ਰਾਜ/ਜ਼ਿਲ੍ਹੇ ਨਾਲ ਸਬੰਧਤ ਹੈ) ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1890940 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1890940 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1792127 ਨਮੂਨੇ ਨੈਗਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 87230 ਹੈ, ਜਦਕਿ 11583 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਮੌਤ ਦੀ ਪੁਸ਼ਟੀ ਹੋਈ ਹੈ (ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2093 ਅਤੇ 1044 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।