ਲੁਧਿਆਣਾ ਦੇ ਉਦਯੋਗਪਤੀਆਂ ਵਲੋਂ ਭਰੋਸਾ – 20 ਹਜ਼ਾਰ ਤੋਂ ਵੱਧ ਦਿੱਤੀਆਂ ਜਾਣਗੀਆਂ ਨੌਕਰੀਆਂ – ਸੀਸੂ ਵਿਖੇ ਉਦਯੋਗਪਤੀਆਂ ਨਾਲ  ਚੇਅਰਮੈਨ ਬਿੰਦਰਾ ਨੇ ਕੀਤੀ ਮੀਟਿੰਗ

ਨਿਊਜ਼ ਪੰਜਾਬ

ਲੁਧਿਆਣਾ, 18 ਜੁਲਾਈ – ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਲੁਧਿਆਣਾ ਦੇ ਉੱਘੇ ਉਦਯੋਗਪਤੀਆਂ ਵੱਲੋਂ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਲੋਕਲ ਨੌਜਵਾਨਾਂ ਨੂੰ 20 ਹਜ਼ਾਰ ਤੋਂ ਵੱਧ ਨੌਕਰੀਆਂ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਨੂੰ ਸਫਲ ਬਣਾਉਣ ਲਈ ਲੁਧਿਆਣਾ ਉਦਯੋਗਪਤੀਆਂ ਵੱਲੋਂ ਪਾਏ ਗਏ ਵਿਸ਼ੇਸ਼ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਬੀਤੀ ਸ਼ਾਮ ਸਥਾਨਕ ਸੀਸੂ ਕੰਪਲੈਕਸ ਵਿਖੇ ਲੁਧਿਆਣਾ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਵਿਚ ਸੀਸੂ ਦੇ ਸਾਰੇ ਅਹੁਦੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਜਿਸ ਵਿੱਚ ਪ੍ਰਧਾਨ ਉਪਕਾਰ ਸਿੰਘ ਆਹੂਜਾ, ਜਨਰਲ ਸੱਕਤਰ ਪੰਕਜ ਸ਼ਰਮਾ ਦੇ ਨਾਲ ਨਿਟਵੀਅਰ, ਸ਼ਾਲ, ਕੰਬਲ, ਪਲਾਈਵੁੱਡ, ਰੰਗਾਈ, ਪ੍ਰੋਸੈਸਿੰਗ, ਫਰਨੇਸ ਆਦਿ ਉਦਯੋਗਾਂ ਨਾਲ ਸਬੰਧਤ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਅਤੇ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਇਆ ਹੈ ਕਿ ਉਦਯੋਗਿਕ ਇਕਾਈਆਂ ਨੂੰ ਲਾਕਡਾਊਨ ਦੌਰਾਨ ਇਕ ਦਿਨ ਵੀ ਆਪਣੇ ਕਾਰੋਬਾਰ ਬੰਦ ਨਹੀਂ ਕਰਨੇ ਪਏ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣੀ ਹੈ, ਉਦਯੋਗ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਭਾਵੇਂ ਸਿੰਗਲ ਵਿੰਡੋ ਇਨਵੈਸਟ ਪੰਜਾਬ ਹੋਵੇ, 5 ਰੁਪਏ ਪ੍ਰਤੀ ਯੂਨਿਟ ਬਿਜਲੀ ਮੁਹੱਈਆ ਕਰਵਾਏ ਜਾਣ ਤੋਂ ਇਲਾਵਾ ਕਈ ਹੋਰ ਸਹੂਲਤਾਂ ਵੀ ਦਿੱਤੀਆਂ ਗਈਆਂ ਹਨ।

ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਉਦਯੋਗਪਤੀਆਂ ਨੂੰ ਵੀ ਭਰੋਸਾ ਦਿੱਤਾ ਕਿ ਇਹ ਮਾਹੌਲ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਹਮੇਸ਼ਾਂ ਉਦਯੋਗਾਂ ਨੂੰ ਸੁਭਾਵਿਕ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਇਸੇ ਲਈ ਕਈ ਇਕਾਈਆਂ ਜੋ ਪਹਿਲਾਂ ਹੀ ਬੰਦ ਹੋ ਚੁੱਕੀਆਂ ਸਨ, ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਆਪਣਾ ਕੰਮ ਦੁਬਾਰਾ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਫੈਕਟਰੀਆਂ ਨੇ ਸਿਰਫ ਆਪਣਾ ਕੰਮਕਾਜ ਸ਼ੁਰੂ ਹੀ ਨਹੀਂ ਕੀਤਾ, ਬਲਕਿ ਉਨ੍ਹਾਂ ਦੀ ਪ੍ਰੋਡਕਸ਼ਨ ਵਿੱਚ ਵੀ ਵਾਧਾ ਕੀਤਾ ਹੈ ਕਿਉਂਕਿ ਬਿਜਲੀ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ।

ਉਨ੍ਹਾਂ ਉਦਯੋਗਪਤੀਆਂ ਨੂੰ ਸਥਾਨਕ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਅਪੀਲ ਵੀ ਕੀਤੀ, ਜਿਸ ਲਈ ਉਦਯੋਗਪਤੀਆਂ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ 20 ਹਜ਼ਾਰ ਤੋਂ ਵਧੇਰੇ ਸਥਾਨਕ ਨੌਜਵਾਨਾਂ ਦੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੇ ਯੋਗ ਨੌਜਵਾਨਾਂ ਦਾ ਡਾਟਾਬੇਸ ਤਿਆਰ ਕਰਨ, ਜਿਨ੍ਹਾਂ ਨੂੰ ਜਲਦ ਤੋਂ ਜਲਦ ਨੌਕਰੀ ਦਿੱਤੀ ਜਾ ਸਕਦੀ ਹੈ। ਸ੍ਰੀ ਬਿੰਦਰਾ ਨੇ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਨੂੰ ਆਪਦੇ ਘਰਾਂ ਦੇ ਨੇੜੇ ਹੀ ਪੂਰਨ ਰੋਜ਼ਗਾਰ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਉਦਯੋਗਿਕ ਇਕਾਈਆਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣਗੇ ਜਿਨ੍ਹਾਂ ਨੇ ਆਪਣੀਆਂ ਫੈਕਟਰੀਆਂ ਵਿੱਚ 100 ਫੀਸਦ ਟੀਕਾਕਰਣ ਕਰਵਾਇਆ ਹੈ।