ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
ਨਿਊਜ਼ ਪੰਜਾਬ
ਚੰਡੀਗੜ੍ਹ, 27 ਜੁਲਾਈ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨ੍ਹਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ `ਤੇ ਵੱਖ-ਵੱਖ ਅਸਾਮੀਆਂ `ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।
ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮ੍ਰਿਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ `ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।