ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਮੁੱਖ ਮੰਤਰੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

ਨਿਊਜ਼ ਪੰਜਾਬ 

ਚੰਡੀਗੜ੍ਹ, 27 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨ੍ਹਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੁਝ ਮਾਮਲਿਆਂ ਦੇ ਜ਼ਰੂਰੀ ਹੱਲ ‘ਤੇ ਲੋੜ ਦਿੱਤਾ ਗਿਆ। ਸੂਬਾਈ ਕਾਂਗਰਸ ਦੀ ਨਵੀਂ ਟੀਮ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਨਾਲ ਸਨ।
ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਆਖਿਆ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
ਪਾਰਟੀ ਦੇ ਹਿੱਤ ਵਿੱਚ ਇਕੱਠਿਆ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵਰਕਿੰਗ ਪ੍ਰਧਾਨਾਂ ਨੂੰ ਕਿਹਾ, ”ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ। ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ ‘ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂੰ ਹੋ ਸਕਣ।
ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ।