ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ‘ਚ ਮੁੜ ਕੋਵਿਡ-19 ਮਾਮਲਿਆਂ ‘ਚ ਵਾਧੇ ਨੂੰ ਦੇਖਦੇ ਹੋਏ, ਡੀ.ਸੀ. ਵੱਲੋਂ ਲੋਕਾਂ ਨੂੰ ਅਪੀਲ
ਨਿਊਜ਼ ਪੰਜਾਬ
ਲੁਧਿਆਣਾ, 04 ਅਗਸਤ – ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਸਮੇਤ ਗੁਆਂਢੀ ਸੂਬਿਆਂ ਵਿੱਚ ਕੋਵਿਡ-19 ਸੰਕਰਮਣ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਵੇਖਿਆ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣ ਕਰਨ ਅਤੇ ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜ਼ੀ ਲਹਿਰ ਨਾਲ ਨਜਿੱਠਣ ਲਈ ਤੁਰੰਤ ਆਪਣਾ ਟੀਕਾਕਰਨ ਕਰਵਾਉਣ।
ਡੀ.ਪੀ.ਆਰ.ਓ ਲੁਧਿਆਣਾ ਦੇ ਅਧਿਕਾਰਤ ਪੇਜ਼ ‘ਤੇ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇ ਲੋਕ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਤੋਂ ਬਚਾਅ ਸਬੰਧੀ ਹਦਾਇਤਾਂ ਜਿਸ ਵਿੱਚ ਮਾਸਕ ਪਹਿਨਣਾ, ਦੋ ਗਜ਼ ਦੀ ਦੂਰੀ ਬਣਾਉਣਾ, ਚੰਗੀ ਸਫਾਈ ਦਾ ਪਾਲਣ ਕਰਨਾ ਅਤੇ ਵੈਕਸੀਨ ਲਗਵਾਉਣਾ ਸ਼ਾਮਲ ਹੈ, ਦੀ ਦ੍ਰਿੜਤਾ ਨਾਲ ਪਾਲਣਾ ਕਰਦੇ ਹਨ ਤਾਂ ਤੀਜ਼ੀ ਲਹਿਰ ਦਾ ਉਨ੍ਹਾਂ ਦੇ ਜੀਵਨ ‘ਤੇ ਕੋਈ ਵੱਡਾ ਪ੍ਰਭਾਵ ਨਹੀਂ ਪਵੇਗਾ।
ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਵਿੱਚ ਕੋਰੋਨਾ ਮਾਮਲਿਆਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ ਅਤੇ ਲੋਕਾਂ ਨੂੰ ਕੋਵਿਡ-19 ਪ੍ਰਤੀ ਅਵੇਸਲੇ ਨਹੀਂ ਹੋਣਾ ਚਾਹੀਦਾ, ਕਿਉਂਕਿ ਲਾਪਰਵਾਹੀ ਕਾਰਨ ਲੁਧਿਆਣਾ ਵਿੱਚ ਮਾਮਲੇ ਵੱਧ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਗਿਆਨੀਆਂ ਅਤੇ ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਲਾਪਰਵਾਹੀ ਅਤੇ ਭੀੜ ਕਾਰਨ ਮਾਮਲੇ ਵਿੱਚ ਭਾਰੀ ਵਾਧਾ ਹੋ ਸਕਦਾ ਹੈ।
ਲੁਧਿਆਣਾ ਵਿੱਚ 15 ਲੱਖ ਤੋਂ ਵੱਧ ਲੋਕਾਂ ਨੂੰ ਜੀਵਨ-ਰੱਖਿਅਕ ਵੈਕਸੀਨ ਲੱਗਣ ਨਾਲ ਸਭ ਤੋਂ ਵੱਧ ਟੀਕਾਕਰਣ ਵਿੱਚ ਜ਼ਿਲ੍ਹੇ ਨੂੰ ਪਹਿਲੇ ਸਥਾਨ ‘ਤੇ ਲਿਆਉਣ ਲਈ ਲੁਧਿਆਣਵੀਆਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੈਕਸੀਨ ਕੇਂਦਰ ਸਰਕਾਰ ਦੁਆਰਾ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਵੈਕਸੀਨ ਦੀ ਖੇਪ ਲੁਧਿਆਣਾ ਪਹੁੰਚਦੀ ਹੈ ਤਾਂ ਲੋਕਾਂ ਨੂੰ ਅੱਗੇ ਆ ਕੇ ਟੀਕਾਕਰਨ }ਰੂਰ ਕਰਵਾਉਣਾ ਚਾਹੀਦਾ ਹੈ ਜੋਕਿ ਵਾਇਰਸ ਦੀ ਪਸਾਰ ਲੜੀ ਨੂੰ ਤੋੜਨ ਲਈ ਬੇਹੱਦ ਜ਼ਰੂਰੀ ਹੈ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਵੈਕਸੀਨ ਕੋਵਿਡ ਲਹਿਰ ਨਾਲ ਨਜਿੱਠਣ ਦਾ ਇੱਕ ਭਰੋਸੇਯੋਗ ਤੇ ਪ੍ਰਭਾਵਸ਼ਾਲੀ ਤਰੀਕਾ ਹੈ ਅਤੇ ਸਾਰਿਆਂ ਨੂੰ ਬਿਨਾਂ ਦੇਰੀ ਕੀਤੇ ਇਸ ਨੂੰ ਅਪਣਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਟੀਕਾਕਰਣ ਲਈ ਅੱਗੇ ਆਉਣ, ਖਾਸ ਕਰਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਟੀਕਾਕਰਨ ਕੈਂਪਾਂ ਵਿੱਚ ਵੱਧ ਤੋਂ ਵੱਧ ਕਵਰੇਜ ਲਈ ਪ੍ਰੇਰਿਤ ਕਰਨ।