ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੂੰ ਡੀ.ਬੀ.ਈ.ਈ. ਦੀ ਗਵਰਨਿੰਗ ਕੌਂਸਲ ਦਾ ਕੀਤਾ ਮੈਂਬਰ ਨਿਯੁਕਤ

ਨਿਊਜ਼ ਪੰਜਾਬ 

ਲੁਧਿਆਣਾ, 04 ਸਤੰਬਰ  – ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੂੰ ਅੱਜ ਲੁਧਿਆਣਾ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਗਵਰਨਿੰਗ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਆਪਣੀ ਨਿਯੁਕਤੀ ‘ਤੇ, ਸ੍ਰੀ ਬਿੰਦਰਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਦਯੋਗਪਤੀਆਂ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਚਾਲੇ ਸਰਗਰਮ ਸਾਂਝ ਨਾਲ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀ ਦੇ ਨਵੇਂ ਰਾਹ ਪੱਧਰੇ ਕਰਨਗੇ।

ਉਨ੍ਹਾਂ ਕਿਹਾ ਕਿ ਰੋਜ਼ਗਾਰ ਬਿਊਰੋ ਜ਼ਿਲ੍ਹੇ ਵਿੱਚ ਨੌਕਰੀ ਲੱਭਣ ਵਾਲਿਆਂ ਅਤੇ ਨੌਕਰੀ ਦੇਣ ਵਾਲਿਆਂ ਲਈ ਇੱਕੋ ਛੱਤ ਦੇ ਹੱਲ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਕਿਹਾ ਕਿ ਬਿਊਰੋ ਵੱਲੋਂ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਅਤੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਜ਼ਰੂਰਤਾਂ ਨਾਲ ਨਿਪਟਣ ਲਈ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਦੇ ਦੋ ਉਦੇਸ਼ਾਂ ਦੀ ਪੂਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਰ ਨੌਜਵਾਨ ਨੂੰ ਨੌਕਰੀ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਅਤੇ ਉਦਯੋਗਿਕ ਖੇਤਰ ਦੀ ਸਾਂਝ ਸਮੇਂ ਦੀ ਲੋੜ ਹੈ।

ਸ੍ਰੀ ਬਿੰਦਰਾ ਨੇ ਕਿਹਾ ਕਿ ਰੋਜ਼ਗਾਰ ਬਿਊਰੋ ਉਦਯੋਗਪਤੀਆਂ ਨੂੰ ਹੁਨਰਮੰਦ ਅਤੇ ਸਿੱਖਿਅਤ ਮਨੁੱਖੀ ਸ਼ਕਤੀ ਦਾ ਇੱਕ ਪੂਲ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਕਰਨ ਲਈ ਪਹਿਲਾਂ ਹੀ ਇੱਕ ਪਲੇਟਫਾਰਮ ਵਜੋਂ ਉੱਭਰਿਆ ਹੈ ਤਾਂ ਜੋ ਉਹ ਉਨ੍ਹਾਂ ਨੂੰ }ਰੂਰਤਾਂ ਦੇ ਅਨੁਸਾਰ ਨੌਕਰੀਆਂ ਪ੍ਰਦਾਨ ਕਰ ਸਕਣ।

ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ, ਪੀ.ਵਾਈ.ਡੀ.ਬੀ. ਦੇ ਮੈਂਬਰ ਡੀ.ਬੀ.ਈ.ਈ. ਦੁਆਰਾ ਕਰਵਾਏ ਜਾ ਰਹੇ ਰੋਜ਼ਗਾਰ ਮੇਲਿਆਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ।