ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਬੇਹਤਰੀਨ ਸੇਵਾਵਾਂ ਲਈ ਡਾਕਟਰਾਂ ਦਾ ਸਨਮਾਨ
ਨਿਊਜ਼ ਪੰਜਾਬ
ਲੁਧਿਆਣਾ, 08 ਸਤੰਬਰ – ਲੁਧਿਆਣਾ ਵਿਖੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਡਾਕਟਰਾਂ ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਪ੍ਰੋਗਰਾਮ ਤਹਿਤ ਸਿਵਲ ਹਸਪਤਾਲ ਵਿੱਚ ਡਾਕਟਰਾਂ ਦਾ ਸਨਮਾਨ ਕੀਤਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਿਵਲ ਸਰਜਨ ਡਾ. ਕਿਰਨ ਗਿੱਲ ਆਹਲੂਵਾਲੀਆ ਦੇ ਨਾਲ, ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਡਾਕਟਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਦੀ ਮਹਾਂਮਾਰੀ ਵਿਰੁੱਧ ਲੜਾਈ ਦੌਰਾਨ ਕੀਤੇ ਯਤਨਾਂ ਅਤੇ ਦਲੇਰੀ ਦਾ ਸਨਮਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿਖਾਈ ਗਈ ਅਡੋਲ ਭਾਵਨਾ ਅਤੇ ਦ੍ਰਿੜਤਾ ਲੋਕਾਂ ਲਈ ਇੱਕ ਉੱਤਮ ਉਦਾਹਰਣ ਹੈ। ਉਨ੍ਹਾਂ ਅੱਗੇ ਕਿਹਾ ਕਿ ਘਾਤਕ ਵਾਇਰਸ ਵਿਰੁੱਧ ਇਹ ਲੜਾਈ ਸਭ ਤੋਂ ਮੁਸ਼ਕਲ ਸੀ ਕਿਉਂਕਿ ਦੁਸ਼ਮਣ ਅਦਿੱਖ ਸੀ।
ਉਨ੍ਹਾਂ ਕਿਹਾ ਕਿ ਸਾਰੇ ਡਾਕਟਰਾਂ ਨੇ ਲੜਾਈ ਦੌਰਾਨ ਮਿਸਾਲੀ ਦਲੇਰੀ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਜਿਸ ਕਾਰਨ ਕਈ ਕੀਮਤੀ ਜਾਨਾਂ ਬਚੀਆਂ। ਉਨ੍ਹਾਂ ਦੱਸਿਆ ਕਿ ਇਹ ਕੋਰੋਨਾ ਯੋਧੇ ਅਸਲ ਨਾਇਕ ਅਤੇ ਚੈਂਪੀਅਨ ਹਨ ਜੋ ਮਹਾਂਮਾਰੀ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਭ ਤੋਂ ਅੱਗੇ ਰਹੇ।
ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਉਹ ਉਦੋਂ ਤਕ ਲਗਾਤਾਰ ਚੰਗਾ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤਕ ਕੋਰੋਨਾ ਵਿਰੁੱਧ ਲੜਾਈ ਨਹੀਂ ਜਿੱਤੀ ਜਾਂਦੀ।
ਪੀ.ਵਾਈ.ਡੀ.ਬੀ. ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਬੋਰਡ ਦਾ ਇਹ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਯੋਧਿਆਂ ਦੀ ਪਛਾਣ ਕਰੇ ਜਿਨ੍ਹਾਂ ਕੋਰੋਨਾ ਵਾਇਰਸ ‘ਤੇ ਫਤਿਹ ਪਾਉਣ ਲਈ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਵਿਡ ਕਾਲ ਦੌਰਾਨ ਮੋਹਰੀ ਰੋਲ ਅਦਾ ਕਰਨ ਵਾਲੇ ਸਾਰੇ ਅਧਿਕਾਰੀਆਂ ਦੇ ਸਨਮਾਨ ਲਈ ਹੋਰ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ।