ਡਿਪਟੀ ਕਮਿਸ਼ਨਰ ਵੱਲੋਂ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ

ਨਿਊਜ਼ ਪੰਜਾਬ 

ਲੁਧਿਆਣਾ, 09 ਸਤੰਬਰ  – ਰੋਜ਼ਗਾਰ ਦੇ ਬਿਹਤਰ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੇ ਮੰਤਵ ਨਾਲ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਤੋਂ ਇਲਾਵਾ ਬੇਰੋਜ਼ਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ‘ਮੇਰਾ ਕੰਮ – ਮੇਰਾ ਮਾਣ’ ਪ੍ਰੋਗਰਾਮ ਦਾ ਆਗਾਜ ਕੀਤਾ ਅਤੇ ਵੱਖ-ਵੱਖ ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ।

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਪੰਜਾਬ ਵੱਡੇ ਉਦਯੋਗਿਕ ਵਿਕਾਸ ਬੋਰਡ ਦੇ ਉਪ-ਚੇਅਰਮੈਨ ਸ੍ਰੀ ਰਮੇਸ਼ ਜੋਸ਼ੀ ਦੇ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਗਾ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ ਜੋ ਕਿ ਜ਼ਿਲ੍ਹੇ ਦੇ ਨੌਜਵਾਨਾਂ ਲਈ ਰੋ}ਗਾਰ ਦੇ ਨਵੇਂ ਰਾਹ ਖੋਲ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਮੁੱਖ ਟੀਚਾ ਰਿਹਾ ਹੈ ਕਿ ਘਰ-ਘਰ ਰੋਜ਼ਗਾਰ ਯੋਜਨਾ ਦੇ ਤਹਿਤ ਹਰ ਘਰ ਨੌਕਰੀਂ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਉਦਯੋਗਿਕ ਅਤੇ ਕਾਰੋਬਾਰੀ ਦਿੱਗਜ ਇਨ੍ਹਾਂ ਮੇਲਿਆਂ ਵਿੱਚ ਸ਼ਮੂਲੀਅਤ ਕਰਨਗੇ।

ਉਨ੍ਹਾਂ ਦੱਸਿਆ ਕਿ ਅੱਜ ਪਹਿਲਾ ਮੇਲਾ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਵਿਖੇ ਆਯੋਜਿਤ ਕੀਤਾ ਗਿਆ ਹੈ, ਦੂਜਾ 13 ਸਤੰਬਰ ਨੂੰ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਟਜ਼, ਖੰਨਾ ਵਿੱਚ ਅਤੇ ਤੀਜਾ 15 ਸਤੰਬਰ ਨੂੰ ਐਸ.ਆਰ.ਐਸ. ਸਰਕਾਰੀ ਪੌਲੀਟੈਕਨਿਕ ਕਾਲਜ ਆਫ਼ ਗਰਲਜ਼ ਵਿੱਚ ਆਯੋਜਿਤ ਕੀਤਾ ਜਾਵੇਗਾ ਅਤੇ ਆਖਰੀ ਮੇਲਾ ਸਥਾਨਕ ਸੀ.ਆਈ.ਸੀ.ਯੂ. ਫੋਕਲ ਪੁਆਇੰਟ ਵਿਖੇ 17 ਸਤੰਬਰ ਨੂੰ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰੋ}ਗਾਰ ਮੇਲੇ ਨੌਜਵਾਨਾਂ ਨੂੰ ਸਵੈਮਾਣ ਨਾਲ ਜੀਵਨ ਬਤੀਤ ਕਰਨ ਲਈ ਲਾਭਦਾਇਕ ਢੰਗ ਨਾਲ ਰੋ}ਗਾਰ ਦੇ ਕਈ ਰਾਹ ਖੋਲ੍ਹਣਗੇ।

ਉਨ੍ਹਾਂ ਕਿਹਾ ਕਿ ਕੰਪਨੀਆਂ ਪਾਰਦਰਸ਼ਤਾ ਨਾਲ ਇਨ੍ਹਾਂ ਵਿਦਿਆਰਥੀਆਂ ਦੀ ਲੋੜ ਅਨੁਸਾਰ ਉਨ੍ਹਾਂ ਦੀ ਚੋਣ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਰੁਜ਼ਗਾਰ ਮੇਲੇ ਇੱਕ ਪਾਸੇ ਜ਼ਿਲ੍ਹੇ ਦੇ ਲੋੜਵੰਦ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਅਤੇ ਦੂਜੇ ਪਾਸੇ ਸਥਾਨਕ ਉਦਯੋਗ ਦੀਆਂ ਲੋੜਾਂ ਦੀ ਪੂਰਤੀ ਲਈ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਦੇ ਦੋ ਉਦੇਸ਼ਾਂ ਦੀ ਪੂਰਤੀ ਕਰਨਗੇ।

ਡਿਪਟੀ ਕਮਿਸ਼ਨਰ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਣ ਲਈ ਮੇਰਾ ਕੰਮ – ਮੇਰਾ ਮਾਣ ਪ੍ਰੋਗਰਾਮ ਦਾ ਆਗਾਜ਼ ਕੀਤਾ ਅਤੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਦੀ ਵੀ ਸ਼ੁਰੂਆਤ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਸਿਖਲਾਈ ਕੇਂਦਰਾਂ ਵਿੱਚ ਛੋਟੀ ਮਿਆਦ ਦੇ ਹੁਨਰ ਸਿਖਲਾਈ ਪ੍ਰੋਗਰਾਮਾਂ ਅਧੀਨ ਸਿਖਿਆਰਥੀਆਂ ਨੂੰ 12 ਮਹੀਨਿਆਂ ਦੀ ਮਿਆਦ ਲਈ 2500 ਰੁਪਏ ਪ੍ਰਤੀ ਮਹੀਨਾ ਰੋ}ਗਾਰ ਭੱਤਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਭੱਤਾ ਸਿਖਲਾਈ ਦੇ ਸਮੇਂ ਦੌਰਾਨ ਦਿੱਤਾ ਜਾਵੇਗਾ ਅਤੇ ਰਜਿਸਟਰਡ ਉਸਾਰੀ ਕਿਰਤੀਆਂ ਅਤੇ ਉਨ੍ਹਾ ਦੇ ਆਸ਼ਰਿਤਾਂ ਨੂੰ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਨਾਲ ਸੰਪਰਕ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ.ਐਸ.ਬੀ.), ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.), ਸਟਾਫ ਚੋਣ ਕਮਿਸ਼ਨ (ਐਸ.ਐਸ.ਸੀ.), ਪੁਲਿਸ, ਰੇਲਵੇ ਬੋਰਡ, ਪ੍ਰੋਬੇਸ਼ਨਰੀ ਅਫਸਰ ਪ੍ਰੀਖਿਆ ਸਮੇਤ ਰਾਜ ਸਰਕਾਰ ਦੁਆਰਾ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫਤ ਆਨਲਾਈਨ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਰੋ}ਗਾਰ ਯੋਗਤਾ ਵਿੱਚ ਸੁਧਾਰ ਹੋਵੇਗਾ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ।

ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਨ੍ਹਾਂ ਮੁਫਤ ਆਨਲਾਈਨ ਕਲਾਸਾਂ ਲਈ ਆਪਣਾ ਨਾਮ ਦਰਜ ਕਰਵਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ ਅਤੇ ਹੋਰ ਹਾਜ਼ਰ ਸਨ।