ਚਰਨਜੀਤ ਚੰਨੀ ਨੇ ਪੰਜਾਬ ਦੇ 16ਵੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਚੰਡੀਗੜ੍ਹ, 20 ਸਤੰਬਰ
ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸ੍ਰੀ ਚੰਨੀ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿੱਚ ਪਹੁੰਚ ਕੇ ਪੰਜਾਬੀ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ।