ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ ਪੰਜਾਬ ਸਰਕਾਰ: ਪਵਨ ਦੀਵਾਨ

ਨਿਊਜ਼ ਪੰਜਾਬ 

ਲੁਧਿਆਣਾ, 29 ਸਤੰਬਰ: ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਨਵੀਂ ਬਣੀ ਵਜ਼ਾਰਤ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਅਤੇ ਇਹ ਸਰਕਾਰ ਉਨ੍ਹਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉਤਰੇਗੀ। ਇਹ ਸ਼ਬਦ ਪਵਨ ਦੀਵਾਨ ਨੇ ਆਪਣੇ ਸਾਥੀਆਂ ਸਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਵਧਾਈ ਦਿੰਦਿਆਂ ਆਖੇ।

ਪਵਨ ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਨਾਲ ਖੜ੍ਹੀ ਹੈ ਤੇ ਮੌਜੂਦਾ ਵਜ਼ਾਰਤ ਤੋਂ ਲੋਕਾਂ ਦੀਆਂ ਉਮੀਦਾਂ ਹੋਰ ਵੀ ਜ਼ਿਆਦਾ ਵਧ ਗਈਆਂ ਹਨ। ਦੀਵਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚੋਂ 90 ਪ੍ਰਤੀਸ਼ਤ ਪਹਿਲਾਂ ਹੀ ਪੂਰੇ ਕਰ ਚੁੱਕੀ ਹੈ, ਜਦਕਿ ਬਾਕੀ ਵੀ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ।

ਇਸ ਮੌਕੇ ਉਨ੍ਹਾਂ ਨਾਲ ਹਰਿੰਦਰ ਸਿੰਘ ਭਾਂਬਰੀ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਫਤਿਹਗੜ੍ਹ ਸਾਹਿਬ,   ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ, ਜੋਗਿੰਦਰ ਸਿੰਘ ਮੈਣੀ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਰਹੇ।