ਪ੍ਰਸ਼ਾਸ਼ਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ ਖਿੱਚੀ ਤਿਆਰੀ
ਨਿਊਜ਼ ਪੰਜਾਬ
ਲੁਧਿਆਣਾ, 30 ਸਤੰਬਰ – ਕੱਲ ਸ਼ੁੱਕਰਵਾਰ (ਪਹਿਲੀ ਅਕਤੂਬਰ) ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਖਰੀਦ ਸੀਜ਼ਨ ਵਿੱਚ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।
ਸਥਾਨਕ ਬੱਚਤ ਭਵਨ ਵਿੱਚ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਾਉਣੀ ਸੀਜ਼ਨ 2021-22 ਲਈ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿੱਚ ਤਕਰੀਬਨ 2.57 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ ਅਤੇ ਲਗਭਗ 17.53 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 17.28 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ 108 ਨਿਯਮਤ ਅਨਾਜ ਮੰਡੀਆਂ ਤੋਂ ਇਲਾਵਾ, ਪ੍ਰਸ਼ਾਸਨ ਵੱਲੋਂ ਸੰਚਾਲਨ ਦੌਰਾਨ ਸਮਾਜਿਕ ਦੂਰੀਂ ਬਣਾਈ ਰੱਖਣ ਅਤੇ ਭੀੜ ਤੋਂ ਬਚਣ ਲਈ ਮਿੱਲਾਂ ਵਿੱਚ 94 ਅਸਥਾਈ ਯਾਰਡ ਅਤੇ 203 ਮੰਡੀ ਯਾਰਡ ਵੀ ਨਿਸ਼ਾਨਬੱਧ ਕੀਤੇ ਹਨ।
ਸ੍ਰੀ ਸ਼ਰਮਾ ਨੇ ਸਾਰੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਜ਼ਿਲੇ ਭਰ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ, ਤਾਂ ਜੋ ਝੋਨੇ ਦੀ ਖਰੀਦ ਅਨੁਸਾਰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇੱਕ ਪਾਸੇ ਝੋਨੇ ਦੀ ਨਿਰਵਿਘਨ, ਸੁਚਾਰੂ ਅਤੇ ਤੇਜ਼ੀ ਨਾਲ ਖਰੀਦ ਨੂੰ ਯਕੀਨੀ ਬਣਾਉਣ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਦੇ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਉਨ੍ਹਾਂ ਦੀ ਉਪਜ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮਜ਼) ਆਪਣੇ ਅਧਿਕਾਰ ਖੇਤਰ ਅਧੀਨ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਕਾਰਜਾਂ ਲਈ ਜਵਾਬਦੇਹ ਹੋਣਗੇ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਤਾਂ ਜੋ ਉਤਪਾਦਨ ਨੂੰ ਮੀਂਹ ਤੋਂ ਬਚਾਇਆ ਜਾ ਸਕੇ ਅਤੇ ਢੁੱਕਵੀ ਸਫਾਈ ਸਹੂਲਤ ਹੋਵੇ। ਇਸੇ ਤਰ੍ਹਾਂ, ਸ੍ਰੀ ਸ਼ਰਮਾ ਨੇ ਹਰੇਕ ਖਰੀਦ ਕੇਂਦਰ ਵਿੱਚ ਝੋਨੇ ਦੀ ਗੁਣਵੱਤਾ ਦੀ ਨਿਗਰਾਨੀ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੋਰਟੇਬਲ ਵਾਟਰ ਸਪਲਾਈ ਅਤੇ ਉਪਕਰਣਾਂ ਦੀ ਲੋੜੀਂਦੀ ਵਿਵਸਥਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈ ਅਤੇ ਕੰਟਰੋਲਰ (ਡੀ.ਐਫ.ਐਸ.ਸੀ.) ਪੱਛਮੀ ਸੁਰਿੰਦਰ ਕੁਮਾਰ ਬੇਰੀ ਡੀ.ਐਫ.ਐਸ.ਸੀ. ਪੂਰਬੀ ਹਰਵੀਨ ਕੌਰ, ਉਪ ਜ਼ਿਲ੍ਹਾ ਮੰਡੀ ਅਫਸਰ ਬੀਰਇੰਦਰ ਸਿੰਘ, ਡੀ.ਐਮ. ਪਨਸਪ ਜਗਨਦੀਪ ਸਿੰਘ ਢਿੱਲੋਂ, ਡੀ.ਐਮ. ਵੇਅਰਹਾਊਸ ਐਮ.ਪੀ. ਸਿੰਘ, ਡੀ.ਐਮ. ਮਾਰਕਫੈੱਡ ਸੰਜੀਵ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਹੋਰ ਵੀ ਹਾਜ਼ਰ ਸਨ।