ਸ਼ਹਿਰ ਦੇ ਸਾਰੇ ਵਾਰਡਾਂ ‘ਚ ਫੌਗਿੰਗ ‘ਚ ਲਿਆਂਦੀ ਜਾਵੇ ਤੇਜ਼ੀ, ਡੇਂਗੂ ਲਾਰਵਾ ਦੀ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਕੀਤੀ ਜਾਵੇ – ਭਾਰਤ ਭੂਸ਼ਣ ਆਸ਼ੂ
ਨਿਊਜ਼ ਪੰਜਾਬ
ਲੁਧਿਆਣਾ, 09 ਅਕਤੂਬਰ – ਮੱਛਰ ਦੇ ਕੱਟਣ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਇਹ ਹਦਾਇਤ ਕੀਤੀ ਕਿ ਡੇਂਗੂ ਦੇ ਲਾਰਵੇ ਵਿਰੁੱਧ ਵਿਸ਼ੇਸ਼ ਚੈਕਿੰਗ ਕੀਤੀ ਜਾਵੇ।
ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਮੇਅਰ ਕੈਂਪ ਦਫਤਰ ਵਿਖੇ ਕੈਬਨਿਟ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਨਿਗਮ ਕੌਂਸਲਰ ਡਾ. ਜੈ ਪ੍ਰਕਾਸ਼ ਸ਼ਰਮਾ ਅਤੇ ਸ੍ਰੀਮਤੀ ਮਮਤਾ ਆਸ਼ੂ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀ ਆਦਿੱਤਿਆ ਡਾਚਲਵਾਲ, ਜ਼ੋਨਲ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋਂ ਅਤੇ ਸ੍ਰੀ ਨੀਰਜ ਜੈਨ, ਸਹਾਇਕ ਸਿਵਲ ਸਰਜਨ ਡਾ: ਵਿਵੇਕ ਕੁਮਾਰ ਕਟਾਰੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸਾਹਿਲ ਵਰਮਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅਧਿਕਾਰੀਆਂ ਨੂੰ ਡੇਂਗੂ ਮੱਛਰ ਦੇ ਜ਼ਿਆਦਾ ਪ੍ਰਭਾਵ ਹੇਠ ਖੇਤਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਰਿਹਾਇਸ਼ੀ ਅਤੇ ਵਪਾਰਕ ਹਿੱਸਿਆਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਚੈਕਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਸ ਸਬੰਧ ਵਿੱਚ ਵਿਸ਼ੇਸ਼ ਟੀਮਾਂ ਬਣਾਉਣ ਅਤੇ ਸ਼ਹਿਰ ਦੇ ਲੋਕਾਂ ਵਿੱਚ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਫੌਗਿੰਗ ਤੇਜ਼ ਕਰਨ, ਸੜਕਾਂ ਅਤੇ ਖਾਲੀ ਪਲਾਟਾਂ ‘ਤੇ ਧਿਆਨ ਦੇ ਕੇ ਮੱਛਰਾਂ ਨੂੰ ਮਾਰਨ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੋਣ ਵਾਲੇ ਲਾਰਵੇ ਨੂੰ ਨਸ਼ਟ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ ਥਾਵਾਂ, ਜਿੱਥੇ ਕਿ ਮੱਛਰਾਂ ਦੇ ਲਾਰਵੇ ਆਸਾਨੀ ਨਾਲ ਪੈਦਾ ਹੋ ਸਕਦੇ ਹਨ ਉਨ੍ਹਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਡਰਾਈਵ ਤੋਂ ਇਲਾਵਾ, ਸਥਾਨਕ ਲੋਕਾਂ ਨੂੰ ਮੱਛਰਾਂ ਦੇ ਪ੍ਰਜਨਨ ਸਥਾਨਾਂ ਜਿਵੇਂ ਕਿ ਏਅਰ-ਕੂਲਰ, ਚਾਹ ਦੇ ਕੱਪ, ਪੁਰਾਣੇ/ਖਰਾਬ ਹੋਏ ਭਾਂਡਿਆਂ ਤੋਂ ਜਾਣੰ{ ਕਰਵਾਉਣਾ ਚਾਹੀਦਾ ਹੈ।
ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਵਸਨੀਕਾਂ ਨੂੰ ਵੀ ਭਰੋਸਾ ਦਿਵਾਇਆ ਕਿ ਉਹ ਡੇਂਗੂ ਦੇ ਫੈਲਣ ਨੂੰ ਰੋਕਣ ਲਈ ਨਿੱਜੀ ਤੌਰ ‘ਤੇ ਸਖ਼ਤ ਨਜ਼ਰ ਰੱਖ ਰਹੇ ਹਨ।