ਅਮਰੀਕਾ ਦੀ ਮਨੁੱਖੀ ਅਧਿਕਾਰ ਸੰਸਥਾ ਨੇ ਧਾਰਮਿਕ ਸੁਤੰਤਰਤਾ ਮਾਮਲੇ ਚ ਭਾਰਤ ਨੂੰ ਲਾਲ ਸੂਚੀ ਚ ਰੱਖਣ ਦੀ ਸਿਫ਼ਾਰਿਸ਼ ਕੀਤੀ

ਨਿਊਜ਼ ਪੰਜਾਬ

ਨਵੀਂ ਦਿੱਲੀ, 6 ਨਵੰਬਰ

ਅਮਰੀਕਾ ਦੀ ਮਨੁੱਖੀ ਅਧਿਕਾਰ ਸੰਸਥਾ ਨੇ ਇਸ ਗੱਲ ਦੀ ਸਿਫਾਰਿਸ਼ ਕੀਤੀ ਹੈ ਕਿ ਭਾਰਤ ਸਣੇ ਚਾਰ ਦੇਸ਼ਾਂ ਨੂੰ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਲਾਲ ਸੂਚੀ ਵਿੱਚ ਰੱਖਿਆ ਜਾਵੇ। ਇਸੇ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਉਪਰੋਕਤ ਸਿਫਾਰਿਸ਼ ਕਰਨ ਵਾਲੇ ਅਮਰੀਕਾ ਦੇ ਕੌਮਾਂਤਰੀ ਧਾਰਮਿਕ ਆਜ਼ਾਦੀ ਕਮਿਸ਼ਨ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕਮਿਸ਼ਨ ਨੇ ਪੱਖਪਾਤੀ ਰਵੱਈਆ ਅਪਣਾਇਆ ਹੈ ਤੇ ਉਸ ਨੂੰ ਭਾਰਤ ਅਤੇ ਭਾਰਤ ਦੇ ਸੰਵਿਧਾਨ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ ਵੀ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਭਾਰਤ ਨੂੰ ਲਾਲ ਸੂਚੀ ਵਿੱਚ ਰੱਖਣ ਦੀ ਸਿਫਾਰਿਸ਼ ਕੀਤੀ ਗਈ ਸੀ ਪਰ ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਇਸ ਸਿਫਾਰਿਸ਼ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਦੌਰਾਨ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ, ਚੀਨ ਤੇ ਮਿਆਂਮਾਰ ਵੀ ਲਾਲ ਸੂਚੀ ਵਿੱਚ ਸ਼ਾਮਲ ਹਨ। ਮੌਜੂਦਾ ਵਰ੍ਹੇ ਜਿਨ੍ਹਾਂ ਦੇਸ਼ਾਂ ਨੂੰ ਧਾਰਮਿਕ ਸੁਤੰਤਰਤਾ ਅਧਿਕਾਰ ਰੈਕਿੰਗ ਦੇ ਮਾਮਲੇ ਵਿੱਚ ਲਾਲ ਸੂਚੀ ਵਿੱਚ ਰੱਖਣ ਦੀ ਸਿਫਾਰਿਸ਼ ਕੀਤੀ ਗਈ ਹੈ ਉਨ੍ਹਾਂ ਵਿੱਚ ਭਾਰਤ ਤੋਂ ਇਲਾਵਾ ਰੂਸ, ਵੀਅਤਨਾਮ ਤੇ ਸੀਰੀਆ ਸ਼ਾਮਲ ਹਨ।