ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾ ਕੇ ਨਵੀਂ ਮਿਸਾਲ ਕੀਤੀ ਕਾਇਮ – ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ 

ਲੁਧਿਆਣਾ, 11 ਨਵੰਬਰ  – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਸਮਾਪਤ ਹੋਣ ਜਾ ਰਹੇ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ‘ਤੇ ਕਿਸਾਨਾਂ ਲਈ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਨੂੰ ਹਰ ਹੀਲੇ ਯਕੀਨੀ ਬਣਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਖਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਰੀਬ 17.53 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 3 ਅਕਤੂਬਰ ਤੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 17.57 ਲੱਖ ਮੀਟ੍ਰਿਕ ਟਨ ਝੋਨਾ ਅਨਾਜ ਮੰਡੀਆਂ ਵਿੱਚ ਆਇਆ ਹੈ ਜਿਸ ਵਿੱਚੋਂ 10 ਨਵੰਬਰ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 98 ਫੀਸਦ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ 3073.65 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਡੀ.ਐਫ.ਐਸ.ਸੀ. ਹਰਵੀਨ ਕੌਰ, ਸੁਰਿੰਦਰ ਕੁਮਾਰ ਬੇਰੀ, ਡੀ.ਐਮ.ਓ ਦਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।