ਪੰਜਾਬ ਵਿੱਚ ਖੁਸ਼ੀ ਦਾ ਮਹੌਲ – ਕੈਪਟਨ ਨੇ ਕਿਹਾ ਧੰਨਵਾਦ , ਭਾਜਪਾ – ਕੈਪਟਨ ਗਠਜੋੜ ਹੋਇਆ ਪੱਕਾ

ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦਾ ਮਹੌਲ ਬਣ ਗਿਆ ਹੈ। ਵੱਖ ਵੱਖ ਆਗੂਆਂ ਨੇ ਇਸ ਫੈਂਸਲੇ ਸੁਆਗਤ ਕੀਤਾ ਹੈ

 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਪੁਰਬ ‘ਤੇ ਪ੍ਰਧਾਨ ਮੰਤਰੀ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਗੁਰੂ ਨਾਨਕ ਪ੍ਰਕਾਸ਼ ਉਤਸਵ ਦੇ ਪਵਿੱਤਰ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਰ ਪੰਜਾਬੀ ਦੀਆਂ ਮੰਗਾਂ ਮੰਨਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਧੰਨਵਾਦ। ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ।

 

ਇੱਥੇ ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਖੇਤੀ ਕਾਨੂੰਨ ਵਾਪਸ ਹੋਣ ਦਾ ਦਾਹਵਾ ਕੀਤਾ ਸੀ ਅਤੇ ਇਸ ਤੋਂ ਬਾਅਦ ਹੀ ਆਪਣੀ ਨਵੀ ਸਿਆਸੀ ਪਾਰਟੀ ਦਾ ਭਾਜਪਾ ਨਾਲ ਗਠਜੋੜ ਕਰਨ ਦਾ ਐਲਾਨ ਵੀ ਕੀਤਾ ਸੀ , ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਨਾਲ ਗਠਜੋੜ ਹੁਣ ਪੱਕਾ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਰ ਸੀਟ ਤੇ ਚਾਰ ਤੋਂ ਪੰਜ ਕੋਣੇ ਮੁਕਾਬਲੇ ਹੋਣ ਦੀ ਸੰਭਾਵਨਾ ਬਣ ਜਾਵੇਗੀ।

ਪ੍ਰਧਾਨ ਮੰਤਰੀ ਮੋਦੀ ਦੇ ਐਲਾਨ ਉਪਰੰਤ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਫੈਂਸਲਾ ਤੇ ਅਮਲ ਹੋਣ ਤੱਕ ਅੰਦੋਲਨ ਜਾਰੀ ਰਹੇਗਾ ,ਉਹਨਾਂ ਕਿਹਾ ਦੇਰ ਆਏ ਦਰੁਸਤ ਆਏ , ਅਸੀਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ।