ਡੀ.ਸੀ. ਤੇ ਸੀ.ਪੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ

ਨਿਊਜ਼ ਪੰਜਾਬ 

ਲੁਧਿਆਣਾ, 30 ਨਵੰਬਰ  – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨਾਲ ਸਾਂਝੇ ਤੌਰ ‘ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ(ਦਿਹਾਤੀ) ਸ੍ਰੀ ਰਾਜ ਬਚਨ ਸਿੰਘ ਸੰਧੂ, ਸੀਨੀਅਰ ਪੁਲਿਸ ਕਪਤਾਨ ਖੰਨਾ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਵੀ ਮੌਜੂਦ ਸਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਗਾਮੀ ਵਿਧਾਨ ਸਭਾ ਚੋਣਾਂ – 2022 ਦੌਰਾਨ ਹੁਣ ਤੋਂ ਹੀ ਕੀਤੇ ਜਾਣ ਵਾਲੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਰਤੀ ਅੰਸਰਾਂ ਦੀਆਂ ਤਿਆਰ ਸੂਚੀਆਂ ‘ਤੇ ਨਿਗਰਾਨੀ ਰੱਖਣ ਲਈ ਕਿਹਾ। ਉਨ੍ਹਾਂ ਪੈਰੋਲ ਜੰਪਰ, ਹਿਸਟਰੀ ਸ਼ੀਟਰ, ਬੇਲ ਜੰਪਰ, ਮਾਹੌਲ ਖ਼ਰਾਬ ਕਰਨ ਵਾਲਿਆਂ ਅਤੇ ਹੋਰਾਂ ਬਾਰੇ ਤਿਆਰ ਰਿਪੋਰਟਾਂ ਅਨੁਸਾਰ ਉਨ੍ਹਾ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ। ਇਸ ਤੋਂ ਇਲਾਵਾ, ਜਲਦ ਅਸਲਾ ਧਾਰਕਾਂ, ਸੰਵੇਦਨਸ਼ੀਲ ਹਲਕਿਆਂ ਅਤੇ ਹੋਰਾਂ ਬਾਰੇ ਕੀਤੇ ਤਿਆਰ ਵੇਰਵੇ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਸਭਾ ਚੋਣਾਂ 2019 ਦੌਰਾਨ ਦਰਜ ਐਫ.ਆਈ.ਆਰਜ਼ ਦੀ ਸਥਿਤੀ ਬਾਰੇ ਤਿਆਰ ਕੀਤੀਆਂ ਰਿਪੋਰਟਾਂ ‘ਤੇ ਵੀ ਕੰਮ ਕੀਤਾ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਮਰ ਕੱਸਣ ਅਤੇ ਸੰਵੇਦਨਸ਼ੀਲ ਮੈਪਿੰਗ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਨ ਲਈ ਕਿਹਾ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਅਤੇ ਪੁਲਿਸ ਅਧਿਕਾਰੀਆਂ ਵੱਲੋਂ ਫੀਲਡ ਵਿਜ਼ਿਟ ਕਰਕੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਗਈ।

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੱਜ ਦੀ ਚੋਣਾਂ ਸਬੰਧੀ ਮੀਟਿੰਗ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣ ਵਾਲੇ ਅਧਿਕਾਰੀਆਂ ਖਿਲਾਫ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾ ਕਿਹਾ ਕਿ ਚੋਣਾਂ ਦੇ ਕੰਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਅਤੇ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸ੍ਰੀ ਸ਼ਰਮਾ ਨੇ ਪੁਲਿਸ ਵਿਭਾਗ ਨੂੰ ਇਹ ਵੀ ਕਿਹਾ ਕਿ ਉਨ੍ਹਾ ਵੱਲੋਂ ਅਸਲਾ ਜਮ੍ਹਾਂ ਕਰਵਾਉਣ ਸਬੰਧੀ ਅੱਜ ਲਿਖਤੀ ਹੁਕਮ ਜਾਰੀ ਕਰ ਦਿੱਤੇ ਜਾਣਗੇ ਅਤੇ ਅਸਲਾ ਧਾਰਕਾਂ ਦੀਆਂ ਮੁਕੰਮਲ ਸੂਚੀਆਂ ਅਨੁਸਾਰ ਅਸਲਾਂ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਚੋਣਾਂ ਦੌਰਾਨ ਆਪੋ-ਆਪਣੇ ਖੇਤਰਾਂ ਵਿੱਚ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ।

ਸ੍ਰੀ ਸ਼ਰਮਾ ਨੇ ਏ.ਆਰ.ਓਜ਼ ਨੂੰ ਕਿਹਾ ਕਿ ਉਹ ਗਿਣਤੀ ਕੇਂਦਰਾਂ ਦੀਆਂ ਸੂਚੀਆਂ ਮੁਕੰਮਲ ਕਰਨ ਤਾਂ ਜੋ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਯੁਕਤ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜੀਅਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਏ.ਸੀ.ਏ. ਗਲਾਡਾ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਡਾ. ਨਯਨ ਜੱਸਲ, ਐਸ.ਡੀ.ਐਮ. ਡਾ. ਵਨੀਤ ਕੁਮਾਰ, ਸ੍ਰੀ ਵਿਕਾਸ ਹੀਰਾ, ਸ.ਗੁਰਬੀਰ ਸਿੰਘ ਕੋਹਲੀ, ਦੀਪਜੋਤ ਕੌਰ, ਮਨਜੀਤ ਕੌਰ, ਆਰ.ਟੀ.ਏ. ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਸੰਯੁਕਤ ਨਗਰ ਨਿਗਮ ਕਮਿਸ਼ਨਰ ਪੂਨਮਪ੍ਰੀਤ ਕੌਰ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਹੋਰ ਹਾਜ਼ਰ ਸਨ।