ਮੁੱਖ ਮੰਤਰੀ ਵੱਲੋਂ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਦਾ ਭਰੋਸਾ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਹਾਜ਼ਰੀ ਵਿੱਚ ਅੱਜ ਇੱਥੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਵਾਲੇ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਉਨ੍ਹਾਂ ਵੱਲੋਂ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਮੰਗਾਂ ਨੂੰ ਵੀ ਚੰਗੀ ਤਰ੍ਹਾਂ ਘੋਖ ਕੇ ਜਲਦੀ ਹੀ ਸੁਖਾਵੇਂ ਢੰਗ ਨਾਲ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਉਂਕਿ ਇਸ ਪਲੇਟਫਾਰਮ `ਤੇ ਉਦਯੋਗ ਦੇ ਨੁਮਾਇੰਦਿਆਂ ਦੁਆਰਾ ਉਠਾਏ ਗਏ ਮੁੱਦੇ ਵੱਖ ਵੱਖ ਤਰ੍ਹਾਂ ਜਿਵੇਂ ਜੀ.ਐੱਸ.ਟੀ., ਪ੍ਰਦੂਸ਼ਣ ਅਤੇ ਬਿਜਲੀ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਮੁੱਦਿਆਂ ਨਾਲ ਸਬੰਧਤ ਪ੍ਰਸ਼ਾਸਕੀ ਸਕੱਤਰਾਂ ਦੀ ਰਾਇ ਲੈ ਕੇ ਸੁਚੱਜੇ ਢੰਗ ਨਾਲ ਨਜਿੱਠਿਆ ਜਾਵੇਗਾ।
ਮੰਡੀ ਗੋਬਿੰਦਗੜ੍ਹ ਦੀ ਸਟੀਲ ਮਾਰਕੀਟ ਵਿੱਚ ਚੱਲ ਰਹੇ ਐਸ.ਐਮ.ਐਸ. ਰੈਕੇਟ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਨੂੰ ਅਜਿਹੀਆਂ ਗਲਤ ਵਪਾਰਕ ਕਾਰਵਾਈਆਂ ਵਿੱਚ ਸ਼ਾਮਲ ਮਾੜੇ ਅਨਸਰਾਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਦੋ ਮਹੀਨਿਆਂ ਯਾਨੀ ਅਪ੍ਰੈਲ ਅਤੇ ਮਈ 2020 ਦੇ ਸਥਿਰ ਬਿਜਲੀ ਖਰਚਿਆਂ ਨੂੰ ਮੁਆਫ ਕਰਨ ਸਬੰਧੀ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੀ ਮੰਗ `ਤੇ ਗੌਰ ਕਰਨ ਵਾਸਤੇ ਵੀ ਕਿਹਾ ਕਿਉਂਕਿ ਉਦਯੋਗ ਕੋਵਿਡ-19 ਮਹਾਂਮਾਰੀ ਦੌਰਾਨ ਬੰਦ ਹੋ ਗਏ ਸਨ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਲਈ ਸਾਰੇ ਭਾਈਵਾਲਾਂ ਲਈ ਬਰਾਬਰ ਮੌਕੇ ਯਕੀਨੀ ਬਣਾਉਣ ਦੇ ਇੱਕੋ ਇੱਕ ਉਦੇਸ਼ ਨਾਲ ਕਾਰੋਬਾਰ ਲਈ ਸਾਰਥਕ ਮਾਹੌਲ ਸਿਰਜਿਆ ਗਿਆ ਹੈ ਅਤੇ ਸੂਬਾ ਹੁਣ ਤੇਜ਼ੀ ਨਾਲ ਦੇਸ਼ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ ਅਤੇ ਸੀ.ਈ.ਓ. ਇਨਵੈਸਟ ਪੰਜਾਬ ਰਜਤ ਅਗਰਵਾਲ ਮੌਜੂਦ ਸਨ।ਮੀਟਿੰਗ ਵਿੱਚ ਵੱਖ-ਵੱਖ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।