266 ਸਿਹਤ ਵਰਕਰਾਂ ਦੀ ਭਰਤੀ ਨਾਲ ਪੇਂਡੂ ਸਿਹਤ ਨੂੰ ਮਿਲਿਆ ਹੁਲਾਰਾ

ਨਿਊਜ਼ ਪੰਜਾਬ

ਚੰਡੀਗੜ੍ਹ, 23 ਦਸੰਬਰ: 

ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ, ਜਿਨ੍ਹਾਂ ਕੋਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਚਾਰਜ ਵੀ ਹੈ, ਨੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਤੇ ਨਵ-ਨਿਯੁਕਤ ਮਲਟੀ ਪਰਪਜ਼ ਸਿਹਤ ਵਰਕਰਾਂ (ਫੀਮੇਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸ੍ਰੀ ਰਾਜ ਕਮਲ ਚੌਧਰੀ, ਪ੍ਰਮੁੱਖ ਸਕੱਤਰ ਸਿਹਤ, ਡਾ: ਅੰਦੇਸ਼ ਕੌਰ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਅਤੇ ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸਰਕਾਰ ਨੇ ਮਲਟੀ ਪਰਪਜ਼ ਸਿਹਤ ਵਰਕਰ (ਫੀਮੇਲ) ਦੀਆਂ 600 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਸਨ ਅਤੇ ਪਹਿਲੇ ਪੜਾਅ ਵਿੱਚ 225 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਅੱਜ ਦੇ ਸਮਾਗਮ ਵਿੱਚ 266 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ ਅਤੇ ਬਾਕੀ ਉਮੀਦਵਾਰਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਭਰਤੀ ਕੀਤਾ ਜਾਵੇਗਾ।ਅੱਜ ਦੇ ਸਮਾਗਮ ਵਿੱਚ ਛੇ ਸਟਾਫ ਨਰਸਾਂ ਨੂੰ ਨਿਯੁਕਤੀ ਦੇ ਹੁਕਮ ਵੀ ਦਿੱਤੇ ਗਏ।

ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ, ਸ੍ਰੀ ਸੋਨੀ ਨੇ ਉਨ੍ਹਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਉਨ੍ਹਾਂ ਦੀ ਨੌਕਰੀ ਵਿੱਚ ਆਮ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸ਼ਾਮਲ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਨਵੀਆਂ ਨਿਯੁਕਤੀਆਂ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਨਵੇਂ ਚੁਣੇ ਗਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹੋਏ, ਉਨ੍ਹਾਂ ਕਿਹਾ ਕਿ “ਰੁਜ਼ਗਾਰ ਪ੍ਰਾਪਤ ਕਰਨਾ ਕਿਸੇ ਦੇ ਵੀ ਜੀਵਨ ਵਿੱਚ ਇੱਕ ਨਾ ਭੁੱਲਣ ਵਾਲਾ ਪਲ ਹੁੰਦਾ ਹੈ ਅਤੇ ਸਰਕਾਰ ਉਮੀਦ ਕਰਦੀ ਹੈ ਕਿ ਸਾਰੇ ਨਵੇਂ ਸਿਹਤ ਵਰਕਰ ਖਾਸ ਕਰਕੇ ਇਸ ਮਹਾਂਮਾਰੀ ਦੇ ਦੌਰ ਵਿੱਚ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ।”

ਸ੍ਰੀ ਸੋਨੀ ਨੇ ਕਿਹਾ, “ਪੰਜਾਬ ਸਰਕਾਰ ਕੋਵਿਡ-19 ਦੇ ਇਸ ਦੌਰ ਨੂੰ ਬਹੁਤ ਸਾਵਧਾਨੀ ਨਾਲ ਨਜਿੱਠ ਰਹੀ ਹੈ ਅਤੇ ਇਹ ਸਭ ਸਿਹਤ ਕਰਮਚਾਰੀਆਂ ਦੀਆਂ ਚੌਵੀ ਘੰਟੇ ਸੇਵਾਵਾਂ ਸਦਕਾ ਹੀ ਹੋ ਰਿਹਾ ਹੈ”। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ ਯੋਜਨਾ’ ਤਹਿਤ ਅਸੀਂ ਵੱਡੀ ਗਿਣਤੀ ਵਿੱਚ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਕਰਕੇ ਆਪਣੀ ਸਿਹਤ ਪ੍ਰਣਾਲੀ ਵਿੱਚ ਸੁਧਾਰ ਕੀਤਾ ਹੈ ਅਤੇ ਇੱਥੋਂ ਤੱਕ ਕਿ 800 ਤੋਂ ਵੱਧ ਰੈਗੂਲਰ ਵਾਰਡ ਅਟੈਂਡੈਂਟਾਂ ਦੀ ਚੋਣ ਪ੍ਰਕਿਰਿਆ ਵੀ ਮੁਕੰਮਲ ਹੋਣ ਦੇ ਨੇੜੇ ਹੈ।

ਜ਼ਮੀਨੀ ਪੱਧਰ ‘ਤੇ ਕੰਮ ਦੇ ਆਧਾਰ ‘ਤੇ ਇਨਸੈਂਟਿਵ ਲੈਣ ਵਾਲੀਆਂ ਆਸ਼ਾ (ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਮਾ) ਨੂੰ ਨਿਯਮਤ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਪਹਿਲਕਦਮੀ ਬਾਰੇ ਖੁਲਾਸਾ ਕਰਦੇ ਹੋਏ ਸ਼੍ਰੀ ਸੋਨੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਇਨ੍ਹਾਂ ਆਸਾਮੀਆਂ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਦੇ ਨਾਲ-ਨਾਲ ਉਮਰ ਵਿੱਚ ਛੋਟ ਵੀ ਦਿੱਤੀ ਗਈ ਸੀ। ਲੋੜੀਂਦੀ ਯੋਗਤਾ ਰੱਖਦੀਆਂ ਆਸ਼ਾ ਨੇ ਲਿਖਤੀ ਪ੍ਰੀਖਿਆ ਵਿੱਚ ਭਾਗ ਲਿਆ ਅਤੇ ਮੈਰਿਟ ਦੇ ਆਧਾਰ ‘ਤੇ 46 ਆਸ਼ਾ ਵਰਕਰਾਂ ਨੂੰ ਵੀ ਸਿਹਤ ਵਰਕਰ ਵਜੋਂ ਰੈਗੂਲਰ ਨਿਯੁਕਤੀਆਂ ਦਿੱਤੀਆਂ ਗਈਆਂ ।