ਪੰਜਾਬ ਸਰਕਾਰ ਨੇ 1200 ਕਰੋੜ ਰੁਪਏ ਕਰਜ਼ੇ ਮੁਆਫੀ ਲਈ ਜਾਰੀ ਕੀਤੇ – ਮੁੱਖ ਮੰਤਰੀ ਨੇ ਕਿਸਾਨਾਂ ਵਿਰੁੱਧ ਦਰਜ ਐਫ.ਆਈ.ਆਰਜ਼ ਨੂੰ 31 ਦਸੰਬਰ ਤੱਕ ਰੱਦ ਹੋਣਗੀਆਂ

ਚੰਡੀਗੜ, 23 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ 5 ਏਕੜ ਤੱਕ ਦੀ ਮਾਲਕੀ ਵਾਲੇ ਲਗਭਗ 1.09 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਦੇ ਨਿਪਟਾਰੇ ਲਈ ਮੌਜੂਦਾ ਕਰਜ਼ਾ ਮੁਆਫੀ ਸਕੀਮ ਤਹਿਤ 1200 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ 5.63 ਲੱਖ ਕਿਸਾਨਾਂ ਦੇ 4610 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰ ਚੁੱਕੀ ਹੈ। ਇਨ੍ਹਾਂ ਵਿੱਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਹੈ ਜਦਕਿ 4.29 ਲੱਖ ਸੀਮਾਂਤ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਮਿਲਿਆ ਹੈ।

ਇੱਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਚੰਨੀ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ, ਜਿਸ ਨੂੰ ਪਹਿਲਾਂ ਲੈਂਡ ਮਾਰਗੇਜ ਬੈਂਕ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਦੇ 2 ਲੱਖ ਰੁਪਏ ਤੱਕ ਦੇ ਕਰਜ਼ਦਾਰ 5 ਏਕੜ ਤੱਕ ਦੀ ਜ਼ਮੀਨ ਵਾਲੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੀ ਕਰਜ਼ਾ ਮੁਆਫੀ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਦਾ ਐਲਾਨ ਕੀਤਾ।
ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਦੀ ਯਾਦ ਵਿਚ ਅਤੇ ਇਸ ਦੌਰਾਨ ਕਿਸਾਨਾਂ ਦੇ ਲਾਮਿਸਾਲ ਯੋਗਦਾਨ ਸਦਕਾ ਮੁੱਖ ਮੰਤਰੀ ਨੇ 5 ਏਕੜ ਜ਼ਮੀਨ ਵਿੱਚ ਅਤਿ-ਆਧੁਨਿਕ ਯਾਦਗਾਰ ਬਣਾਉਣ ਦਾ ਐਲਾਨ ਵੀ ਕੀਤਾ। ਸੰਯੁਕਤ ਕਿਸਾਨ ਮੋਰਚੇ ਦੀ ਇੱਕ ਹੋਰ ਵੱਡੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸੂਬੇ ਅੰਦਰ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਦਰਜ ਕੀਤੀਆਂ ਸਾਰੀਆਂ ਐਫ.ਆਈ.ਆਰਜ਼ ਨੂੰ 31 ਦਸੰਬਰ, 2021 ਤੱਕ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਲਈ ਡੀਜੀਪੀ ਨੂੰ ਤੁਰੰਤ ਨਿਰਦੇਸ਼ ਦਿੱਤੇ ਤਾਂ ਜੋ ਰਾਜ ਭਰ ਵਿੱਚ ਕਿਸਾਨ ਅੰਦੋਲਨ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਖ-ਵੱਖ ਕਿਸਾਨਾਂ ਵਿਰੁੱਧ ਦਰਜ ਸਾਰੀਆਂ ਮਾਮਲੇ ਰੱਦ ਕੀਤਾ ਜਾ ਸਕਣ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ 17 ਵਾਰਸਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੀ ਸੌਂਪੇ।
ਇਸ ਮੌਕੇ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ, ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ ਸਿਨਹਾ ਅਤੇ ਡੀ.ਜੀ.ਪੀ. ਐਸ.ਚਟੋਪਾਧਿਆਏ ਹਾਜ਼ਰ ਸਨ।