ਪ੍ਰਧਾਨ ਮੰਤਰੀ ਸੁਰੱਖਿਆ ਕੁਤਾਹੀ – ਹੋ ਸਕਦੀ ਹੈ ਵੱਡੀ ਕਾਰਵਾਈ , ਕੇਂਦਰੀ ਜਾਂਚ ਟੀਮ ਆ ਰਹੀ ਹੈ ਫਿਰੋਜ਼ਪੁਰ – ਸੁਪਰੀਮ ਕੋਰਟ ਵਿੱਚ ਵੀ ਅੱਜ ਸੁਣਵਾਈ

ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਆਉਂਦੇ ਦਿਨਾਂ ਵਿੱਚ ਕੋਈ ਵੱਡੀ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮੌਕੇ ਤੇ ਵਾਪਰੇ ਹਲਾਤਾਂ ਦੀ ਜਾਣਕਾਰੀ ਲੈਣ ਅਤੇ ਸੂਬੇ ਦੇ ਅਧਿਕਾਰੀਆਂ ਵਲੋਂ ਕੀਤੀ ਕਾਰਵਾਈ ਦੀ ਪੜਤਾਲ ਲਈ ਕੇਂਦਰ ਸਰਕਾਰ ਦੀ ਐਮ ਐਚ ਏ ਟੀਮ ਅੱਜ ਫਿਰੋਜ਼ਪੁਰ ਪਹੁੰਚ ਰਹੀ ਹੈ।
ਕੇਂਦਰ ਸਰਕਾਰ ਐੱਸਪੀਜੀ ਐਕਟ ਤਹਿਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਐਸਪੀਜੀ ਐਕਟ ਦੀਆਂ ਧਾਰਾਵਾਂ ਤਹਿਤ ਕੇਂਦਰ ਸਰਕਾਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਦਿੱਲੀ ਤਲਬ ਕਰ ਸਕਦੀ ਹੈ ਅਤੇ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਜਦੋ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖਾਮੀਆਂ ਦੀ ਜਾਂਚ ਅਤੇ ਭਵਿੱਖ ’ਚ ਅਜਿਹਾ ਨਾ ਹੋਣਾ ਯਕੀਨੀ ਬਣਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ 7 ਜਨਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ। ਚੀਫ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਅੱਜ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਦੀ ਪਟੀਸ਼ਨ ’ਤੇ ਧਿਆਨ ਦਿੱਤਾ ਜਿਸ ’ਚ ਕਿਹਾ ਗਿਆ ਹੈ ਕਿ ਪੰਜਾਬ ’ਚ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਗੰਭੀਰ ਕੁਤਾਹੀ ਹੋਈ ਹੈ ਜਿਸ ਕਾਰਨ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣਾ ਪਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਪੰਜਾਬ ’ਚ ਇੱਕ ਰੈਲੀ ’ਚ ਸ਼ਾਮਲ ਹੋਏ ਬਿਨਾਂ ਹੀ ਦਿੱਲੀ ਮੁੜਨਾ ਪਿਆ।

ਪੰਜਾਬ ਸਰਕਾਰ ਵੀ ਜਾਂਚ ਲਈ 3 ਮੈਂਬਰੀ ਕਮੇਟੀ ਸਥਾਪਤ ਕਰ ਚੁੱਕੀ ਹੈ।