ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋਏ

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਕੁੱਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੜ ਆਪਣੇ ਪੁਰਾਣੇ ਸਾਥੀ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਆ ਗਏ ਹਨ। ਇਹ ਐਲਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ।