ਪੰਜਾਬ ਰਾਜ ਦੇ ਗੁਦਾਮਾਂ ਵਿੱਚੋਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ 20 ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਲਈ ਰਵਾਣਾ
ਸੂਬਾ ਵਾਸੀਆਂ ਨੂੰ ਘਰੋ-ਘਰੀ ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਸ਼ੁਰੂ
ਚੰਡੀਗੜ੍ਹ,26 ਮਾਰਚ: ( ਨਿਊਜ਼ ਪੰਜਾਬ ) ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
ਸ੍ਰੀ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਅਤੇ ਐਫ.ਸੀ. ਆਈ. ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਖੁਰਾਕ ਮੰਤਰੀ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀ.ਐਮ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਇਸ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ।
ਸ੍ਰੀ ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਦੇ ਨਾਗਰਿਕਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੂਬਾ ਵਾਸੀਆਂ ਨੂੰ ਘਰੋ-ਘਰੀ ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਕਰਨ ਸਬੰਧੀ ਕੀਤੇ ਗਏ ਪ੍ਰਬੰਧਾਂ ਸਦਕੇ ਸਮੁੱਚੇ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਹੋ ਗੲੀ।
———-