ਵੋਟਰ ਜਾਗਰੂਕਤਾ ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਵਿੱਚ ਨੌਜਵਾਨਾਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ

ਨਿਊਜ਼ ਪੰਜਾਬ

ਮੋਗਾ, 12 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤੇ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਸਮਾਜ ਦੇ ਹਰ ਵਰਗ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਪ੍ਰੋਗਰਾਮ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਨੌਜਵਾਨਾਂ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਲਾਜ਼ਮੀ ਤੌਰ ਤੇ ਵਰਤਣ ਲਈ ਜਾਗਰੂਕ ਕੀਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ, ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ੍ਰੀ ਹਰਚਰਨ ਸਿੰਘ ਦੀ ਰਹਿਨੁਮਾਈ ਅਤੇ ਚੋਣਕਾਰ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਨੋਡਲ ਅਫ਼ਸਰ ਪ੍ਰੋ. ਬਲਵਿੰਦਰ ਸਿੰਘ ਨੇ ਅੱਜ ਵੋਟਰ ਜਾਗਰੂਕਤਾ ਤਹਿਤ ਨੌਜਵਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਨੂੰ ਸਾਫ਼ ਸੁਥਰੇ ਅਤੇ ਬਿਨ੍ਹਾਂ ਕਿਸੇ ਲਾਲਚ ਤੋਂ ਵਰਤਣ ਲਈ ਪ੍ਰੇਰਿਆ। ਇਸ ਮੌਕੇ ਮੌਜੂਦ ਸਮੂਹ ਨੌਜਵਾਨਾਂ ਨੇ ਕਲੱਬ ਦੇ ਮੈਂਬਰਾਂ ਅਤੇ ਸਵੀਪ ਐਕਟੀਵਿਟੀ ਦੇ ਮੈਂਬਰਾਂ ਨੂੰ ਯਕੀਨ ਦਿਵਾਇਆ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਤੌਰ ਤੇ ਵਰਤੋਂ ਕਰਨਗੇ ਅਤੇ ਹੋਰਨਾਂ ਨੂੰ ਇਸ ਪ੍ਰਤੀ ਪ੍ਰੇਰਨਗੇ।