ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲਾਂ-ਕਾਲਜਾਂ ਵਿਚ ਮੁਫ਼ਤ ਸਿੱਖਿਆ ਅਤੇ ਪਹਿਲੇ ਹੀ ਸਾਲ ਵਿਚ ਇਕ ਲੱਖ ਨੌਕਰੀਆਂ ਦੇਵਾਂਗੇ: ਚੰਨੀ
ਨਿਊਜ਼ ਪੰਜਾਬ
ਚੰਡੀਗੜ੍ਹ, 14 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ‘ਆਪ’ ਵੱਲੋਂ ਉਸ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਨੇ ਅਪਰਾਧਿਕ ਪਿਛੋਕੜ ਵਾਲੇ ਕਈ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ।
ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਵਾਅਦਾ ਕੀਤਾ ਕਿ ਜੇਕਰ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਜਿੱਤ ਕੇ ਮੁੜ ਸੱਤਾ ਵਿਚ ਆ ਜਾਂਦੀ ਹੈ ਤਾਂ ਪਹਿਲੇ ਹੀ ਸਾਲ ਵਿਚ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਵਿਚ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ‘ਆਪ’ ਨੇ ਕਈ ਅਜਿਹੇ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ ਜਿਨ੍ਹਾਂ ਨੂੰ ਹੋਰਨਾਂ ਸਿਆਸੀ ਪਾਰਟੀਆਂ ਨੇ ਨਕਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਨੇ 44 ਹੋਰ ਸਿਆਸੀ ਪਾਰਟੀਆਂ ਤੋਂ ਆਏ ਵਿਅਕਤੀਆਂ ਨੂੰ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਦੋਸ਼ ਲਗਾਇਆ, ‘‘ਆਮ ਆਦਮੀ ਪਾਰਟੀ ਦੇ ਹਰ ਤੀਜੇ-ਚੌਥੇ ਉਮੀਦਵਾਰ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ।