ਵੋਟਰ ਜਾਗਰੂਕਤਾ – ਘਰੇਲੂ ਗੈਸ ਸਿਲੰਡਰਾਂ ਨਾਲ ਵੀ ਆਇਆ ਸੁਨੇਹਾ

ਵੋਟ ਦੀ ਵਰਤੋਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਗਤੀਵਿਧੀਆਂ ਜੰਗੀ ਪੱਧਰ ‘ਤੇ ਜਾਰੀ
ਸਿਲੰਡਰਾਂ ਉੱਪਰ ਟੈਗ ਲਗਾਉਣ ਤੋਂ ਇਲਾਵਾ ਬੱਚਿਆਂ ਦੇ ਕਰਵਾਏ ਜਾ ਰਹੇ ਹਨ ਕਢਾਈ, ਪੋਸਟਰ ਅਤੇ ਮਹਿੰਦੀ ਮੁਕਾਬਲੇ
ਨਿਊਜ਼ ਪੰਜਾਬ
ਮੋਗਾ, 17 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ‘ਤੇ ਵੋਟਰਾਂ ਨੂੰ ਉਨਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਪ੍ਰੋਗਰਾਮ ਤਹਿਤ ਲਗਾਤਾਰ ਵੋਟਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।ਜਿਉਂ-ਜਿਉਂ ਵੋਟਾਂ ਦੀ ਤਾਰੀਖ ਨੇੜੇ ਆ ਰਹੀ ਹੈ, ਤਿਉਂ-ਤਿਉਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੀਪ ਨਾਲ ਸਬੰਧਤ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ।
ਇਸੇ ਲੜੀ ਤਹਿਤ ਅੱਜ ਚੋਣਾਂ ਨਾਲ ਸਬੰਧਤ ਸਰਕਾਰੀ ਕੰਨਿਆ ਆਈ.ਟੀ.ਆਈ. ਮੋਗਾ ਵਿਖੇ ਕਢਾਈ, ਪੋਸਟਰ ਬਣਾਉਣ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾ ਮੁਕਾਬਲਿਆਂ ਵਿੱਚ ਸਮੂਹ ਵਿਦਿਆਰਥਣਾਂ ਨੇ ਪ੍ਰਿੰਸੀਪਲ ਜਗਤਾਰ ਸਿੰਘ ਦੀ ਦੇਖ ਰੇਖ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਵੋਟ ਜਾਗਰੂਕਤਾ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਉਣ ਲਈ ਘਰੇਲੂ ਗੈਸ ਸਿਲੰਡਰਾਂ ਉੱਪਰ ਵੋਟਰ ਜਾਗਰੂਕਤਾ ਦੇ ਟੈਗ ਵੀ ਲਗਾਏ ਗਏ।

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ, ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ੍ਰੀ ਹਰਚਰਨ ਸਿੰਘ ਦੀ ਰਹਿਨੁਮਾਈ ਅਤੇ ਚੋਣਕਾਰ ਅਫ਼ਸਰ ਮੋਗਾ ਸ੍ਰੀ ਸਤਵੰਤ ਸਿੰਘ ਦੀਆਂ ਹਦਾਇਤਾਂ ਤਹਿਤ ਜ਼ਿਲਾ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਨੋਡਲ ਅਫ਼ਸਰ ਪ੍ਰੋ. ਬਲਵਿੰਦਰ ਸਿੰਘ ਨੇ ਅੱਜ ਇਨ੍ਹਾਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਵਾਰ ਦੀ ਤਰ੍ਹਾਂ ਆਪਣਾ ਸਹਿਯੋਗ ਦਿੱਤਾ। ਉਨਾਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਨੂੰ ਸਾਫ਼ ਸੁਥਰੇ ਅਤੇ ਬਿਨਾਂ ਕਿਸੇ ਲਾਲਚ ਤੋਂ ਵਰਤਣ ਲਈ ਪ੍ਰੇਰਿਆ।