ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਮਾਣਹਾਨੀ ਮਾਮਲੇ ‘ਚ 19 ਅਪ੍ਰੈਲ ਨੂੰ ਬਠਿੰਡਾ ਜ਼ਿਲਾ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ – 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਨੇ ਜ਼ਿਲ੍ਹਾ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ
ਨਿਊਜ਼ ਪੰਜਾਬ
ਹਮੇਸ਼ਾਂ ਵਿਵਾਦਾਂ ਵਿੱਚ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਨੂੰ ਮਾਣਹਾਨੀ ਮਾਮਲੇ ‘ਚ 19 ਅਪ੍ਰੈਲ ਨੂੰ ਬਠਿੰਡਾ ਜ਼ਿਲਾ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਕੰਗਨਾ ਨੇ ਆਪਣੇ ਟਵੀਟ ਰਾਹੀਂ ਬਜ਼ੁਰਗ ਮਹਿਲਾ ਕਿਸਾਨ ਨੂੰ 100-100 ਰੁਪਏ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ।
ਜਿਸ ਦੇ ਖਿਲਾਫ ਮਹਿਲਾ ਕਿਸਾਨ ਮਹਿੰਦਰ ਕੌਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਨੇ ਜ਼ਿਲ੍ਹਾ ਅਦਾਲਤ ਵਿੱਚ ਕੰਗਣਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਬੁੱਧਵਾਰ ਨੂੰ ਜ਼ਿਲਾ ਅਦਾਲਤ ‘ਚ ਮਾਮਲੇ ਦੀ ਸੁਣਵਾਈ ਹੋਈ। ਬਜ਼ੁਰਗ ਮਹਿਲਾ ਕਿਸਾਨ ਦੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਸ ਸਬੰਧੀ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ।
ਮਾਨਯੋਗ ਅਦਾਲਤ ਨੇ ਕੰਗਨਾ ਨੂੰ 19 ਅਪ੍ਰੈਲ 2022 ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਦੇ ਟਵੀਟ ਕਾਰਨ ਉਨ੍ਹਾਂ ਨੂੰ ਮਾਨਸਿਕ ਪਰੇਸ਼ਾਨੀ ਹੋਈ ਹੈ। ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਆਂਢ-ਗੁਆਂਢੀਆਂ, ਪਿੰਡ ਵਾਸੀਆਂ ਅਤੇ ਆਮ ਲੋਕਾਂ ਵਿੱਚ ਉਨ੍ਹਾਂ ਦੇ ਅਕਸ ਨੂੰ ਠੇਸ ਪਹੁੰਚੀ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਭਰ ‘ਚ ਕੰਗਨਾ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਇਸ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਕੰਗਣਾ ਦਾ ਘਿਰਾਓ ਵੀ ਕੀਤਾ ਗਿਆ ਸੀ। ਜਿੱਥੇ ਉਸ ਦੀ ਟਿੱਪਣੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕੰਗਨਾ ਤੋਂ ਮੁਆਫੀ ਮੰਗਣ ਦੀ ਗੱਲ ਕਹੀ ਸੀ।